ਸੱਚਖੰਡ ਐਕਸਪ੍ਰੈੱਸ ਵਿਚ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ, ਰੇਲ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੋਂ ਯਾਤਰੀ ਪ੍ਰੇਸ਼ਾਨ
ਪ੍ਰਾਈਵੇਟ ਹੱਥਾਂ ਵਿਚ ਸਫ਼ਾਈ ਦਾ ਕੰਮ ਦੇਣ ਦੇ ਬਾਵਜੂਦ ਹਾਲਾਤ ਨਹੀਂ ਸੁਧਰੇ-ਆਗੂ ਸੁਖਜੀਤ ਸਿੰਘ ਬਘੌਰਾ
ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਾਣ ਵਾਲੀ ਸੱਚਖੰਡ ਐਕਸਪ੍ਰੈੱਸ ਵਿਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਯਾਤਰੀਆਂ ਅਤੇ ਸਿੱਖ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਗੱਡੀ ਦੇ ਡੱਬਿਆਂ ਵਿਚ ਕੂੜਾ-ਕਰਕਟ, ਬਾਥਰੂਮਾਂ ਵਿਚ ਗੰਦਗੀ ਅਤੇ ਸੀਟਾਂ ਦੀ ਸਫ਼ਾਈ ਨਾ ਹੋਣ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ।
ਰ
ਰੇਲਗੱਡੀ ਵਿਚ ਸੀਟਾਂ ਨੇੜੇ ਪਿਆ ਕੂੜਾ ਦਿਖਾਉਂਦੇ ਹੋਏ ਯਾਤਰੀ
ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ
21-10-2026
ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਾਣ ਵਾਲੀ ਸੱਚਖੰਡ ਐਕਸਪ੍ਰੈੱਸ ਵਿਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਯਾਤਰੀਆਂ ਅਤੇ ਸਿੱਖ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਗੱਡੀ ਦੇ ਡੱਬਿਆਂ ਵਿਚ ਕੂੜਾ-ਕਰਕਟ, ਬਾਥਰੂਮਾਂ ਵਿਚ ਗੰਦਗੀ ਅਤੇ ਸੀਟਾਂ ਦੀ ਸਫ਼ਾਈ ਨਾ ਹੋਣ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਰੇਲਵੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਸੱਚਖੰਡ ਐਕਸਪ੍ਰੈੱਸ ਸਿੱਖ ਸ਼ਰਧਾਲੂਆਂ ਲਈ ਬਹੁਤ ਮਹੱਤਵਪੂਰਨ ਰੇਲਗੱਡੀ ਹੈ, ਕਿਉਂਕਿ ਇਸ ਰਾਹੀਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਜ਼ੂਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਉਂਦੀ-ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਹੱਤਵਪੂਰਨ ਰੇਲਗੱਡੀ ਵਿਚ ਸਫ਼ਾਈ ਦੇ ਮਾੜੇ ਪ੍ਰਬੰਧ ਯਾਤਰੀਆਂ ਦੀ ਸਿਹਤ ਅਤੇ ਸਹੂਲਤਾਂ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵਲੋਂ ਸਫ਼ਾਈ ਦਾ ਕੰਮ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਬਾਵਜੂਦ ਰੇਲਗੱਡੀ ਦੀ ਸਫ਼ਾਈ ਦੀ ਹਾਲਤ ਵਿਚ ਸੁਧਾਰ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਯਾਤਰੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਰੇਲਗੱਡੀ ਵਿਚ ਦਿੱਤੇ ਗਏ ਸੰਪਰਕ ਨੰਬਰਾਂ ’ਤੇ ਵੀ ਫ਼ੋਨ ਨੰਬਰਾਂ ’ਤੇ ਸੰਪਰਕ ਨਹੀਂ ਹੁੰਦਾ, ਜਿਸ ਕਰਕੇ ਕਿਸੇ ਸਮੇਂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਯਾਤਰੀਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚ ਕਰਨ ਵਿਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਯਾਤਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੀ ਨਹੀਂ ਹੋਣਾ ਤਾਂ ਸ਼ਿਕਾਇਤ ਨੰਬਰ ਦੇਣ ਦਾ ਕੀ ਲਾਭ ਹੈ? ਜਥੇਦਾਰ ਬਘੌਰਾ ਨੇ ਰੇਲਵੇ ਵਿਭਾਗ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੱਚਖੰਡ ਐਕਸਪ੍ਰੈੱਸ ਵਿਚ ਸਫ਼ਾਈ ਦੇ ਪ੍ਰਬੰਧਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਰੇਲਗੱਡੀ ਵਿਚਲੇ ਡੱਬਿਆਂ, ਬਾਥਰੂਮਾਂ ਅਤੇ ਸੀਟਾਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਤੋਂ ਇਲਾਵਾ ਰੇਲਗੱਡੀ ਵਿਚ ਦਰਜ ਸ਼ਿਕਾਇਤ ਨੰਬਰਾਂ ਨੂੰ ਚਾਲੂ ਰੱਖਿਆ ਜਾਵੇ ਅਤੇ ਫ਼ੋਨ ਚੁੱਕਣ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ਿੰਮੇਵਾਰ ਅਮਲੇ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ’ਤੇ ਜਾਣ ਵਾਲੀ ਸੰਗਤ ਸਮੇਤ ਹਰ ਯਾਤਰੀ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਰੇਲਵੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰੇਲਵੇ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੱਚਖੰਡ ਐਕਸਪ੍ਰੈੱਸ ਦੇ ਸਫ਼ਾਈ ਪ੍ਰਬੰਧਾਂ ਵਿਚ ਜਲਦੀ ਸੁਧਾਰ ਕਰਨਗੇ।