ਸੈਟੇਲਾਈਟ ਦੀ ਨਜ਼ਰ ਤੋਂ ਨਹੀਂ ਬਚ ਸਕੇ ਖੇਤਾਂ ’ਚ ਪਰਾਲੀ ਸਾੜਨ ਵਾਲੇ
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲ਼ੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਸਖ਼ਤ ਹਦਾਇਤਾਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਾਲਾਂਕਿ ਹੁਣ ਖੇਤਾਂ ਵਿਚ ਅੱਗ ਲਗਾਉਣ ਵਾਲੇ ਕਿਸਾਨਾਂ ਲਈ ਅਜਿਹੀਆਂ ਘਟਨਾਵਾਂ ਨੂੰ ਲੁਕਾਉਣਾ ਆਸਾਨ ਨਹੀਂ ਰਿਹਾ, ਕਿਉਂਕਿ ਸੈਟੇਲਾਈਟ ਰਾਹੀਂ ਹਰ ਘਟਨਾ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲ਼ੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਸਖ਼ਤ ਹਦਾਇਤਾਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਾਲਾਂਕਿ ਹੁਣ ਖੇਤਾਂ ਵਿਚ ਅੱਗ ਲਗਾਉਣ ਵਾਲੇ ਕਿਸਾਨਾਂ ਲਈ ਅਜਿਹੀਆਂ ਘਟਨਾਵਾਂ ਨੂੰ ਲੁਕਾਉਣਾ ਆਸਾਨ ਨਹੀਂ ਰਿਹਾ, ਕਿਉਂਕਿ ਸੈਟੇਲਾਈਟ ਰਾਹੀਂ ਹਰ ਘਟਨਾ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲ਼ੋਂ ਸੈਟੇਲਾਈਟ ਰਾਹੀਂ ਪ੍ਰਾਪਤ ਅੰਕੜਿਆਂ ਦੇ ਆਧਾਰ ’ਤੇ ਫ਼ਿਰੋਜ਼ਪੁਰ ਪੁਲਿਸ ਵਲ਼ੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਕੁੱਲ 21 ਮੁਕੱਦਮੇ ਦਰਜ ਕੀਤੇ ਹਨ। ਇਸੇ ਕਾਰਵਾਈ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲ਼ੋਂ ਪਰਾਲੀ ਸਾੜਨ ਦੀਆਂ ਪੰਜ ਘਟਨਾਵਾਂ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਪੁਲਿਸ ਦੀ ਇਸ ਕਾਰਵਾਈ ਨੇ ਸਪਸ਼ਟ ਕਰ ਦਿੱਤਾ ਹੈ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਹੁਣ ਪ੍ਰਸ਼ਾਸਨ ਦੀ ਨਿਗਰਾਨੀ ਤੋਂ ਬਾਹਰ ਨਹੀਂ ਰਹਿ ਸਕਦੀਆਂ ਅਤੇ ਅਜਿਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲ਼ੋਂ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਪ੍ਰਾਪਤ ਕੀਤੇ ਗਏ ਅੰਕੜੇ ਪੁਲਿਸ ਨੂੰ ਭੇਜੇ ਗਏ ਸਨ। ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਹੋਣ ਉਪਰੰਤ ਪੁਲਿਸ ਵਲ਼ੋਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪ੍ਰਾਪਤ ਵੇਰਵਿਆਂ ਅਨੁਸਾਰ 28 ਅਕਤੂਬਰ ਨੂੰ ਪਿੰਡ ਹਬੀਬ ਕੇ ਦੇ ਖੇਤਾਂ ਵਿਚ ਕਿਸੇ ਅਣਪਛਾਤੇ ਕਿਸਾਨ ਵਲ਼ੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ। ਇਸੇ ਦਿਨ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚ ਵੀ ਪਰਾਲੀ ਸਾੜਨ ਦੀਆਂ ਦੋ ਵੱਖ-ਵੱਖ ਘਟਨਾਵਾਂ ਸੈਟੇਲਾਈਟ ਰਾਹੀਂ ਸਾਹਮਣੇ ਆਈਆਂ। ਇਸ ਤੋਂ ਇਲਾਵਾ 29 ਅਕਤੂਬਰ ਨੂੰ ਪਿੰਡ ਮਾਛੀਵਾੜਾ ਅਤੇ 30 ਅਕਤੂਬਰ ਨੂੰ ਪਿੰਡ ਪੱਲਾ ਮੇਘਾ ਦੇ ਖੇਤਾਂ ਵਿਚ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਲੱਗਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲ਼ੋਂ ਇਨ੍ਹਾਂ ਘਟਨਾਵਾਂ ਸਬੰਧੀ ਸੈਟੇਲਾਈਟ ਰਾਹੀਂ ਪ੍ਰਾਪਤ ਅੰਕੜੇ ਪੁਲਿਸ ਨੂੰ ਭੇਜੇ ਜਾਣ ਤੋਂ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੰਜ ਵੱਖ-ਵੱਖ ਮੁਕੱਦਮੇ ਧਾਰਾ 223 ਬੀ.ਐਨ.ਐੱਸ. ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਧੂੰਏਂ ਅਤੇ ਹਾਨੀਕਾਰਕ ਪ੍ਰਦੂਸ਼ਕਾਂ ਦੀ ਮਾਤਰਾ ਵਧਣ ਕਾਰਨ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਸਿਹਤ ’ਤੇ ਪੈਂਦਾ ਹੈ। ਅਜਿਹੀਆਂ ਘਟਨਾਵਾਂ ਦੀ ਸੈਟੇਲਾਈਟ ਰਾਹੀਂ ਨਿਗਰਾਨੀ ਅਤੇ ਪੁਲਿਸ ਵਲ਼ੋਂ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਨੇ ਪਰਾਲੀ ਸਾੜਨ ਵਾਲਿਆਂ ਲਈ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜ਼ਿਲ੍ਹੇ ਵਿਚ ਇਕੋ ਦਿਨ 21 ਮੁਕੱਦਮਿਆਂ ਦਾ ਦਰਜ ਹੋਣਾ ਦਰਸਾਉਂਦਾ ਹੈ ਕਿ ਪ੍ਰਸ਼ਾਸਨ ਵਲ਼ੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।