14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 26-06-2026

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਮਹਾਨ ਸਿੱਖ ਜਰਨੈਲ ਤੇ ਪੰਜਾਬ ਵਿਚ ਪਹਿਲੀ ਵਾਰ ਖ਼ਾਲਸਾ ਰਾਜ ਸਥਾਪਿਤ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਗਾਇਣ ਕੀਤਾ। ਅਰਦਾਸ ਤੇ ਹੁਕਮਨਾਮੇ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਿੱਖ ਇਤਿਹਾਸ ਅੰਦਰ ਸਿਦਕ, ਦ੍ਰਿੜ੍ਹਤਾ ਤੇ ਲਾਸਾਨੀ ਕੁਰਬਾਨੀ ਦੀ ਦਾਸਤਾਨ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਮਹਾਨ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਦੀ ਚਰਚਾ ਕੀਤੀ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸਮਾਗਮ ਸਮੇਂ ਹਾਜ਼ਰੀ ਭਰੀ।
ਇਸ ਮੌਕੇ ਅਰਦਾਸੀਏ ਭਾਈ ਜਸਵਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਬਲਦੇਵ ਸਿੰਘ, ਕਰਮਜੀਤ ਸਿੰਘ, ਰਾਜਵਿੰਦਰ ਸਿੰਘ ਤੇ ਮੀਤ ਮੈਨੇਜਰ ਯੁਵਰਾਜ ਸਿੰਘ ਬੰਟੀ ਤੋਂ ਇਲਾਵਾ ਹੋਰ ਸ਼੍ਰੋਮਣੀ ਕਮੇਟੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਬੰਧਕਾਂ ਨੇ ਪੀਰਾਂ ਦੀ ਜਗ੍ਹਾ ’ਤੇ ਅਖੰਡ ਪਾਠ ਕਰਵਾਉਣ ਤੋਂ ਕੀਤੀ ਤੌਬਾ ਫੈੱਡਰੇਸ਼ਨ ਮਹਿਤਾ ਅਤੇ ਸਤਿਕਾਰ ਕਮੇਟੀ ਤੋਂ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।