13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਹੋਰ ਸੁਚਾਰੂ ਰੂਪ ਨਾਲ ਚਲਾਉਣ ਦੇ ਉਦੇਸ਼ ਨਾਲ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ । ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਾਝਾ ਜ਼ੋਨ ਦੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਦਾ ਪ੍ਰਚਾਰ ਪ੍ਰਸਾਰ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਪਹਿਲਕਦਮੀ ਰਹੀ ਹੈ। ਹੁਣ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਰਹਿਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਨਾਮ ਸਿੰਘ ਜੱਸਲ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਬਹਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਵਰਿਆਮ ਸਿੰਘ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਵਿਧਾਇਕ ਡਾ. ਨਿੱਜਰ ਵਲੋਂ ਨਗਰ ਨਿਗਮ ਨਾਲ ਸਫਾਈ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।