ਦੇਵੀਦਾਸਪੁਰ ਰੇਲਵੇ ਟਰੈਕ ’ਤੇ ਛੇ ਘੰਟੇ ਰੇਲ ਰੋਕੋ ਅੰਦੋਲਨ, ਸਰਕਾਰ ਨਾਲ ਗੱਲਬਾਤ ਤੋਂ ਬਾਅਦ ਮੋਰਚਾ ਸਮਾਪਤ
24 ਨੂੰ ਖੇਤੀਬਾੜੀ ਮੰਤਰੀ ਨਾਲ ਮੀਟਿੰਗ ’ਤੇ ਬਣੀ ਸਹਿਮਤੀ
ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ ਪੰਜਾਬ ਦੇ ਪੰਜ ਥਾਵਾਂ ’ਤੇ ਦੁਪਹਿਰ 12 ਵਜੇ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ, ਜੋ ਲਗਪਗ ਛੇ ਘੰਟੇ ਚੱਲਣ ਤੋਂ ਬਾਅਦ ਸ਼ਾਮ 6 ਵਜੇ ਸਮਾਪਤ ਹੋ ਗਿਆ। ਇਹ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਦੇ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਕੀਤਾ।
ਜੰਡਿਆਲਾ ਗੁਰੂ, 17 ਸਤੰਬਰ (ਅੰਮ੍ਰਿਤਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ ਪੰਜਾਬ ਦੇ ਪੰਜ ਥਾਵਾਂ ’ਤੇ ਦੁਪਹਿਰ 12 ਵਜੇ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ, ਜੋ ਲਗਪਗ ਛੇ ਘੰਟੇ ਚੱਲਣ ਤੋਂ ਬਾਅਦ ਸ਼ਾਮ 6 ਵਜੇ ਸਮਾਪਤ ਹੋ ਗਿਆ। ਇਹ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਦੇ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਕੀਤਾ। ਰੇਲ ਰੋਕੋ ਦੇ ਐਲਾਨ ਤੋਂ ਬਾਅਦ ਸਰਕਾਰ ਵਲੋਂ ਗੱਲਬਾਤ ਦੀ ਪਹਿਲ ਕੀਤੀ ਗਈ। ਅੰਮ੍ਰਿਤਸਰ ਦੇ ਪਿੰਡ ਦੇਵੀਦਾਸਪੁਰਾ ਨੇੜੇ ਪਿੰਡ ਵਡਾਲਾ ਵਿਖੇ ਆਈ. ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰ ਸਿੰਘ, ਐੱਸ. ਐੱਸ. ਪੀ. ਅੰਮ੍ਰਿਤਸਰ ਕਵਲਜੀਤ ਸਿੰਘ, ਏ. ਆਈ. ਜੀ. ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਬਾਬਾ ਗੁਰਬਚਨ ਸਿੰਘ ਚੱਬਾ ਤੇ ਸਤਨਾਮ ਸਿੰਘ ਮਾਨੋਚਾਲ ਸਮੇਤ ਕਿਸਾਨ ਆਗੂਆਂ ਦੇ ਵਫ਼ਦ ਦੀ ਲਗਪਗ ਤਿੰਨ ਘੰਟੇ ਮੀਟਿੰਗ ਹੋਈ। ਮੀਟਿੰਗ ਦੌਰਾਨ 24 ਸਤੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਕਰਵਾਉਣ ’ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਇਕ ਮਹੀਨੇ ਅੰਦਰ ਦੇਣ ਦਾ ਭਰੋਸਾ ਦਿੱਤਾ ਗਿਆ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਹਿੰਦੀਆਂ ਨੌਕਰੀਆਂ ਅਤੇ ਮੁਆਵਜ਼ਾ ਵੀ ਇਕ ਮਹੀਨੇ ਅੰਦਰ ਦੇਣ ਦਾ ਭਰੋਸਾ ਦਿੱਤਾ। ਪਰਾਲੀ, ਪੁਲਿਸ ਤੇ ਰੇਲਵੇ ਨਾਲ ਸੰਬੰਧਿਤ ਕੇਸਾਂ ਦੇ ਨਿਪਟਾਰੇ ਬਾਰੇ ਵੀ ਸਹਿਮਤੀ ਬਣੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਖ਼ੁਦ ਸਟੇਜ ’ਤੇ ਪਹੁੰਚੇ ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਕੀਤੇ ਫ਼ੈਸਲਿਆਂ ਅਤੇ ਦਿੱਤੇ ਭਰੋਸਿਆਂ ਬਾਰੇ ਜਾਣਕਾਰੀ ਦਿੱਤੀ। ਉਪਰੰਤ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਜ਼ੂਮ ਮੀਟਿੰਗ ਕਰਕੇ ਪੰਜਾਬ ਭਰ ਵਿਚ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕੀਤੀ ਅਤੇ ਪੰਜ ਥਾਵਾਂ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਤੇ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਮੋਰਚੇ ਸਮਾਪਤ ਕਰਨ ਦਾ ਫ਼ੈਸਲਾ ਕੀਤਾ। ਕਿਸਾਨ ਮਜ਼ਦੂਰ ਮੋਰਚਾ ਵਲੋਂ ਪੰਜ ਫ਼ਸਲਾਂ ਦੀ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਸ਼ੰਭੂ-ਖਨੌਰੀ ਮੋਰਚੇ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਸਮੇਤ ਲਗਭਗ 23 ਸੂਤਰੀ ਮੰਗਾਂ ਉਠਾਈਆਂ ਜਾ ਰਹੀਆਂ ਹਨ। ਇਨ੍ਹਾਂ ਮੰਗਾਂ ’ਤੇ 24 ਸਤੰਬਰ ਦੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਮੀਟਿੰਗ ਦੇ ਨਤੀਜਿਆਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਦੇਵੀਦਾਸਪੁਰਾ ਰੇਲਵੇ ਟਰੈਕ ਤੇ ਮੋਰਚੇ ਦੀ ਅਗਵਾਈ ਹਰਜਿੰਦਰ ਸਿੰਘ ਛੱਕਰੀ ਤੇ ਜਰਮਨਜੀਤ ਸਿੰਘ ਬੰਡਾਲਾ ਨੇ ਕੀਤੀ। ਕਿਸਾਨ ਮਜ਼ਦੂਰ ਮੋਰਚਾ ਨੇ ਕਿਹਾ ਕਿ ਸਰਕਾਰ ਨਾਲ ਹੋਈ ਗੱਲਬਾਤ ਅਤੇ 24 ਸਤੰਬਰ ਦੀ ਮੀਟਿੰਗ ਲਈ ਬਣੀ ਸਹਿਮਤੀ ਦੇ ਮੱਦੇਨਜ਼ਰ ਅੱਜ ਸਾਰੇ ਮੋਰਚੇ ਸਮਾਪਤ ਕੀਤੇ ਗਏ ਹਨ। ਤਸਵੀਰ ਪਹਿਲਾ ਭੇਜੀ ਗਈ ਹੈ