ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐ ਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਰਚਨਾ ਕੁਮਾਰੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਉਰਫ ਅਜੈ ਪੁੱਤਰ ਦੀਦਾਰ ਸਿੰਘ ਵਾਸੀ ਕਲੇਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਸ ਪਾਸੋਂ ਇਕ ਲਾਈਟਰ, ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ 10 ਰੁਪਏ ਵਾਲਾ ਨੋਟ ਰੋਲ ਕੀਤਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਪੈਸ਼ਲ ਨਾਕਾਬੰਦੀ ਗੋਇੰਦਵਾਲ ਸਾਹਿਬ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਇਕ ਗੱਡੀ ਨੰਬਰ ਡੀ.ਟੀ. 3 ਸੀ.ਬੀ.ਏ. 4136 ਜਿਸ ਨੂੰ ਰਣਜੋਧ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੰਘਰਕੋਟ ਚਲਾ ਰਿਹਾ ਸੀ, ਜੋ ਕਿ ਭੱਜਣ ਲੱਗਾ ਤਾਂ ਉਸ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਸ ਪਾਸੋਂ ਇਕ ਦੇਸੀ ਪਿਸਟਲ 32 ਬੋਰ ਸਮੇਤ 6 ਕਾਰਤੂਸ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਏਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕਲਸ ਨਜ਼ਦੀਕ ਨਾਕਾਬੰਦੀ ਦੌਰਾਨ ਅਰਦੀਸ਼ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਸਤਗੜ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 82 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਐੱਫ.ਸੀ.ਆਈ. ਗੁਦਾਮ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਜੰਟ ਸਿੰਘ ਪੁੱਤਰ ਤੀਰਥ ਰਾਮ ਵਾਸੀ ਵਾਰਡ ਨੰਬਰ 19 ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ 300 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |