ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 23 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਿੰਟੂ ਪੁੱਤਰ ਕੇਵਲ ਸਿੰਘ ਵਾਸੀ ਮੱਖੂ ਜ਼ਿਲ੍ਹਾ ਫਿਰੋਜਪੁਰ ਪਾਸੋਂ ਇਕ ਕੀਪੈਡ ਫੋਨ ਅਤੇ ਇਕ ਲਵਾਰਿਸ ਹਾਲਤ ਵਿਚ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ |