ਚੋਹਲਾ ਸਹਿਬ, 31 ਮਾਰਚ (ਬਲਵਿੰਦਰ ਸਿੰਘ)-ਸੰਤ ਬਾਬਾ ਤਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਐਮ.ਡੀ. ਹਰਬੰਸ ਕੌਰ ਦੇ ਨਿੱਘੇ ਸਵਾਗਤ ਨਾਲ ਹੋਈ | ਇਸ ਮੌਕੇ ਦੌਰਾਨ ਸਕੂਲ ਪਿ੍ੰਸੀਪਲ ਕਰਮਜੀਤ ਕੌਰ ਤੇ ਪ੍ਰਧਾਨ ਵਿਕਰਮਜੀਤ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਦੱਸੀ ਅਤੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਵੀ ਮੱਲਾਂ ਮਾਰ ਕੇ ਆਪਣੇ ਸਕੂਲ ਦਾ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਕੋਰੀਓਗ੍ਰਾਫੀਆਂ, ਲੋਕ ਗੀਤ ਹਾਸਰਸ ਸਕਿੱਟਾ ਅਤੇ ਗਿੱਧੇ ਦੀ ਪੇਸ਼ਕਾਰੀ ਕਰਕੇ ਹਾਜ਼ਰ ਮਾਪਿਆਂ ਅਤੇ ਅਧਿਆਪਕਾਂ ਦਾ ਮਨ ਮੋਹਿਆ | ਇਸ ਮੌਕੇ ਸਲਾਨਾ ਪ੍ਰੀਖਿਆਵਾਂ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਅਤੇ ਐਮ.ਡੀ. ਮੈਡਮ ਹਰਬੰਸ ਕੌਰ ਨੇ ਵਿਦਿਆਰਥੀਆਂ ਨੂੰ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਨੂੰ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਨੈਤਿਕ ਮੁੱਲਾਂ ਨੂੰ ਜੀਵਨ ਵਿਚ ਅਪਨਾਉਣ ਦੀ ਪ੍ਰੇਰਨਾ ਦਿੱਤੀ | ਸਮਾਗਮ ਦੇ ਅੰਤ 'ਤੇ ਪਿ੍ੰਸੀਪਲ ਕਰਮਜੀਤ ਕੌਰ ਨੇ ਮਾਪਿਆਂ ਅਤੇ ਸਟਾਫ਼ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |