15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਵਿਚ 2027 ਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ– ਰਾਜਬੀਰ ਸਿੰਘ ਭੁੱਲਰ

ਅਜੀਤ ਡੈਸਕ 28-06-2026
ਤਰਨਤਾਰਨ, 27 ਜੂਨ ( ਹਰਿੰਦਰ ਸਿੰਘ)– ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਾਂਗਰਸ ਪਾਰਟੀ ਪ੍ਰਤੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਮਜ਼ਬੂਤ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪਿੰਡ ਪਲਾਸੌਰ ਵਿਚ ਬਲਜੀਤ ਸਿੰਘ ਬੱਲੀ ਦੇ ਗ੍ਰਹਿ ਵਿਖੇ ਇਕ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧੇਗਾ। ਰਾਜਬੀਰ ਸਿੰਘ ਭੁੱਲਰ ਨੇ ਦੋਸ਼ ਲਗਾਇਆ ਕਿ “ਬਦਲਾਅ” ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਰਕਾਰ ਨੇ ਲੋਕਾਂ ਦਾ ਭਰੋਸਾ ਤੋੜਿਆ ਹੈ ਅਤੇ ਹੁਣ ਲੋਕ ਇਸ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਥਿਤ ਤੌਰ ‘ਤੇ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਅਸਫਲ ਰਹੀ ਹੈ। ਭੁੱਲਰ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਸਰਪੰਚਾਂ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਵਰਗੇ ਐਲਾਨ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹਨ। ਲੇਕਿਨ ਪੰਜਾਬ ਦੇ ਲੋਕ ਹੁਣ ਅਜਿਹੇ ਐਲਾਨਾਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਉਹ ਆਪਣੇ ਵੋਟ ਦਾ ਫ਼ੈਸਲਾ ਸੂਬੇ ਦੇ ਵਿਕਾਸ ਅਤੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਵੀ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਦੇਖ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਕਾਂਗਰਸ ਪਾਰਟੀ ਨੂੰ ਹੀ ਇੱਕ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਹਰ ਵਰਗ ਦੇ ਹੱਕਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਲੋਕ ਭਲਾਈ ਨੂੰ ਪਹਿਲ ਦੇਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ਵਿਚ ਮਜ਼ਬੂਤ ਅਤੇ ਲੋਕ ਪੱਖੀ ਸਰਕਾਰ ਬਣਾਏਗੀ। ਇਸ ਮੌਕੇ ਦਲੇਰ ਸਿੰਘ, ਪ੍ਰਗਟ ਸਿੰਘ, ਪਾਸਟਰ ਸੋਖਾ ਮਸੀਹ, ਮੈਂਬਰ ਜਸਵੰਤ ਸਿੰਘ ਕਾਕੂ, ਤਲਵਿੰਦਰ ਸਿੰਘ ਪਹਿਲਵਾਨ, ਹਰਮਨਜੋਤ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਬੋਬੀ ਤਖਤੂਚੱਕ, ਹੈਪੀ ਸਰਪੰਚ ਬਲੇਚੱਕ, ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ, ਹੀਰਾ ਸਿੰਘ ਮੱਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਕੱਢੀ ਪਲਸ ਪੋਲੀਓ ਜਾਗਰੂਕਤਾ ਰੈਲੀ ਅਗਲੀ ਖ਼ਬਰ ਝੱਲ ਲੇਈ ਵਾਲਾ ਵਿਖੇ 9 ਮੋਟਰਾਂ ਦੀਆਂ ਤਾਰਾਂ ਤੇ 1 ਮੋਬਾਈਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।