07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੁਣ ਦੀ ਘਟਨਾ ਨਾਲ ਸਮੁੱਚੇ ਸਿੱਖ ਜਗਤ ਵਿਚ ਰੋਸ-ਹਰਜੀਤ ਸਿੰਘ ਸੰਧੂ

ਅਜੀਤ ਡੈਸਕ 04-07-2026
ਤਰਨ ਤਾਰਨ, 3 ਜੁਲਾਈ (ਹਰਿੰਦਰ ਸਿੰਘ)-ਪਾਕਿਸਤਾਨ ਦੇ ਪੰਜਾਬ ਸੂਬੇ ਦੇ ਜ਼ਿਲ੍ਹਾ ਸ਼ੇਖੂਪੁਰਾ ਅਧੀਨ ਫਾਰੂਕਾਬਾਦ ਵਿਖੇ ਸਥਿਤ ਲਗਪਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਬੀਤੇ ਦਿਨੀਂ ਕਥਿਤ ਤੌਰ ’ਤੇ ਭੂ-ਮਾਫ਼ੀਆ ਵਲੋਂ ਸਥਾਨਕ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਨੁਕਸਾਨ ਪਹੁੰਚਾਇਆ। ਇਸ ਘਟਨਾ ਨੇ ਸਮੁੱਚੇ ਸਿੱਖ ਜਗਤ ’ਚ ਗੰਭੀਰ ਚਿੰਤਾ ਪੈਦਾ ਕੀਤੀ ਹੈ ਤੇ ਭਾਰਤ ਸਰਕਾਰ ਨੇ ਵੀ ਇਸ ਮਾਮਲੇ ‘ਤੇ ਸਖ਼ਤ ਕੂਟਨੀਤਕ ਇਤਰਾਜ਼ ਦਰਜ ਕਰਵਾਇਆ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਹਰਜੀਤ ਸਿੰਘ ਸੰਧੂ ਨੇ ਕਿਹਾ “ਇਹ ਘਟਨਾ ਪਾਕਿਸਤਾਨ ਦੇ ਘੱਟ ਗਿਣਤੀਆਂ ਪ੍ਰਤੀ ਦੋਗਲੇ ਰਵੱਈਏ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭੂ-ਮਾਫ਼ੀਆ ਤੇ ਸਥਾਨਕ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸਿੱਖ ਵਿਰਾਸਤ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਇਸ ਨੂੰ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੇ ਇਤਿਹਾਸ ਅਤੇ ਵਿਰਾਸਤ ਨੂੰ ਮਿਟਾਉਣ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਸਿੱਖ ਇਤਿਹਾਸ ਅਤੇ ਵਿਰਾਸਤ ’ਤੇ ਹਮਲਾ ਹੈ। ਭਾਰਤ ਸਰਕਾਰ ਨੇ ਤੁਰੰਤ ਕੂਟਨੀਤਕ ਪੱਧਰ ‘ਤੇ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ। ਭਾਜਪਾ ਵਿਸ਼ਵ ਭਰ ਵਿਚ ਸਮੁੱਚੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਤੇ ਸਨਮਾਨ ਲਈ ਵਚਨਬੱਧ ਹੈ। ਧਾਰਮਿਕ ਵਿਰਾਸਤ ਦਾ ਸਨਮਾਨ ਕਰਨਾ ਹਰ ਸੱਭਿਆਚਾਰਕ ਰਾਸ਼ਟਰ ਦੀ ਜ਼ਿੰਮੇਵਾਰੀ ਹੈ। ਪਾਕਿਸਤਾਨ ਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਧਾਰਮਿਕ ਵਿਰਾਸਤ ਦੀ ਰੱਖਿਆ ਬਾਰੇ ਆਪਣੇ ਅੰਤਰਰਾਸ਼ਟਰੀ ਫਰਜ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਬਿਜਲੀ ਦੇ ਅਣਗਿਣਤ ਕੱਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ-ਰਮਨਦੀਪ ਕੌਰ, ਬਿੱਲਾ ਸੇਰੋਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਏ ਪੈਸੇ ਕਢਵਾਉਣ ਲਈ ਬੈਂਕਾਂ ’ਚ ਲੱਗੀ ਔਰਤਾਂ ਦੀ ਭੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।