09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਭਰ ਦੀ ਹੜਤਾਲ ਦਾ ਅਸਰ ਪੱਟੀ ’ਚ ਗਹਿਰਾਇਆ

ਅਜੀਤ ਡੈਸਕ 15-07-2026
ਪੱਟੀ, 14 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬ ਭਰ ਦੇ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਦਾ ਅਸਰ ਹੁਣ ਸ਼ਹਿਰ ਪੱਟੀ ਵਿਚ ਵੀ ਸਪੱਸ਼ਟ ਨਜ਼ਰ ਆ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ, ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ 19 ਵਾਰਡਾਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ। ਦੂਜੇ ਪਾਸੇ ਸੀਵਰੇਜ ਦੀ ਸਫਾਈ ਨਾ ਹੋਣ ਕਾਰਨ ਕਈ ਥਾਵਾਂ ’ਤੇ ਗੰਦਾ ਪਾਣੀ ਸੜਕਾਂ ਉੱਪਰ ਖੜ੍ਹਾ ਹੈ, ਜਿਸ ਨਾਲ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਰਸਾਤੀ ਮੌਸਮ ਦੌਰਾਨ ਗੰਦਗੀ ਦੇ ਢੇਰ ਅਤੇ ਖੜ੍ਹਾ ਗੰਦਾ ਪਾਣੀ ਮੱਛਰਾਂ, ਮੱਖੀਆਂ ਅਤੇ ਹੋਰ ਕੀਟਾਂ ਦੀ ਗਿਣਤੀ ਵਿਚ ਵਾਧਾ ਕਰ ਸਕਦਾ ਹੈ, ਜਿਸ ਨਾਲ ਡੇਂਗੂ, ਮਲੇਰੀਆ, ਟਾਈਫਾਇਡ, ਦਸਤਾਂ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੜਤਾਲ ਦਾ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਨੇ ਦੱਸਿਆ ਕਿ ਕੂੜਾ ਚੁੱਕਣ ਵਾਲੀਆਂ ਗੱਡੀਆਂ ਕਈ ਦਿਨਾਂ ਤੋਂ ਨਹੀਂ ਪਹੁੰਚੀਆਂ, ਜਿਸ ਕਾਰਨ ਲੋਕ ਮਜ਼ਬੂਰੀ ਵੱਸ ਕੂੜਾ ਖੁੱਲ੍ਹੀਆਂ ਥਾਵਾਂ ’ਤੇ ਸੁੱਟ ਰਹੇ ਹਨ । ਇਸ ਨਾਲ ਬਦਬੂ ਫੈਲ ਰਹੀ ਹੈ ਅਤੇ ਆਲੇ-ਦੁਆਲੇ ਦਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਸਫਾਈ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਵਾਉਣ ਲਈ ਸੂਬਾ ਪੱਧਰ ’ਤੇ ਹੜਤਾਲ ਕਰ ਰਹੇ ਹਨ। ਦੂਜੇ ਪਾਸੇ ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਸ਼ਹਿਰਾਂ ਵਿਚ ਸਫਾਈ ਪ੍ਰਬੰਧ ਮੁੜ ਬਹਾਲ ਹੋ ਸਕਣ ਅਤੇ ਲੋਕਾਂ ਨੂੰ ਸਿਹਤ ਸੰਬੰਧੀ ਖ਼ਤਰਿਆਂ ਤੋਂ ਬਚਾਇਆ ਜਾ ਸਕੇ।
ਲੋਕਾਂ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਸ਼ਹਿਰ ਵਿਚ ਜੰਗੀ ਪੱਧਰ ’ਤੇ ਕੂੜਾ ਚੁੱਕਣ ਅਤੇ ਸੀਵਰੇਜ ਦੀ ਸਫਾਈ ਸ਼ੁਰੂ ਕੀਤੀ ਜਾਵੇ। ਸਿਹਤ ਵਿਭਾਗ ਵਲੋਂ ਬਿਮਾਰੀਆਂ ਦੀ ਰੋਕਥਾਮ ਲਈ ਫੌਗਿੰਗ ਅਤੇ ਦਵਾਈਆਂ ਦਾ ਛਿੜਕਾਅ ਕਰਵਾਇਆ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਲੁਧਿਆਣਾ ’ਚ ਦਿਨ ਦਿਹਾੜੇ ਚੇਨ ਖੋਹਣ ਦੀ ਵਾਰਦਾਤ ਨੂੰ ਲੋਕਾਂ ਨੇ ਕੀਤਾ ਨਾਕਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।