ਜੱਸਾ ਪੱਟੀ ਨੂੰ ਕਮਾਂਡ ਮਿਲਦਿਆਂ ਹੀ ਪੱਟੀ ਹਲਕੇ ਦੀ ਸਿਆਸਤ ’ਚ ਹਲਚਲ
ਪੱਟੀ, 3 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਵਿਚ ਨਵੀਆਂ ਹਲਚਲਾਂ ਸ਼ੁਰੂ ਹੋ ਗਈਆਂ ਹਨ। ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਹਲਕੇ ਦੀ ਵਾਗਡੋਰ ਜਸਕਵਰ ਸਿੰਘ ਜੱਸਾ ਪੱਟੀ ਨੂੰ ਸੌਂਪੀ ਗਈ ਹੈ ।
ਪੱਟੀ, 3 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਵਿਚ ਨਵੀਆਂ ਹਲਚਲਾਂ ਸ਼ੁਰੂ ਹੋ ਗਈਆਂ ਹਨ। ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਹਲਕੇ ਦੀ ਵਾਗਡੋਰ ਜਸਕਵਰ ਸਿੰਘ ਜੱਸਾ ਪੱਟੀ ਨੂੰ ਸੌਂਪੀ ਗਈ ਹੈ । ਜੱਸਾ ਪੱਟੀ ਵਲੋਂ ਕਮਾਂਡ ਸੰਭਾਲਦੇ ਹੀ ਹਲਕੇ ਵਿਚ ਪਾਰਟੀ ਨੂੰ ਸਰਗਰਮ ਕਰਨ ਲਈ ਸਰਪੰਚਾਂ, ਪੰਚਾਂ ਅਤੇ ਹੋਰ ਪ੍ਰਭਾਵਸ਼ਾਲੀ ਆਗੂਆਂ ਨਾਲ ਲਗਾਤਾਰ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਦੌਰਾਨ ਹੀ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਤਰਨ ਤਾਰਨ ਲੇਬਰ ਫੈਡਰੇਸ਼ਨ ਦੇ ਚੇਅਰਮੈਨ ਅਤੇ ਪਿੰਡ ਸਭਰਾ ਦੇ ਵਸਨੀਕ ਠੇਕੇਦਾਰ ਸਤਨਾਮ ਸਿੰਘ ਸਭਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ‘ਤੇ ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਜੱਸਾ ਪੱਟੀ ਨੂੰ ਹਲਕੇ ਦੀ ਕਮਾਂਡ ਮਿਲਣ ਤੋਂ ਤੁਰੰਤ ਬਾਅਦ ਹੀ ਇਕ ਪ੍ਰਭਾਵਸ਼ਾਲੀ ਆਗੂ ਦਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹਲਕੇ ਦੀ ਬਦਲ ਰਹੀ ਸਿਆਸੀ ਤਸਵੀਰ ਵੱਲ ਇਸ਼ਾਰਾ ਕਰਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਅਤੇ ਵਰਕਰ ਵੀ ਕਾਂਗਰਸ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਨੂੰ ਹਲਕਾ ਪੱਟੀ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਜੱਸਾ ਪੱਟੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਅਤੇ ਇਸ ਦੇ ਤੁਰੰਤ ਬਾਅਦ ਹੋਏ ਇਸ ਸਿਆਸੀ ਘਟਨਾਕ੍ਰਮ ਨੇ ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ਨੂੰ ਇਕ ਵਾਰ ਫਿਰ ਚਰਚਾ ਦੇ ਕੇਂਦਰ ਵਿਚ ਲਿਆ ਦਿੱਤਾ ਹੈ।