ਸੁਖਰਾਜ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਕੁਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ 20 ਸਾਲਾ ਨੌਜਵਾਨ ਸੁਖਰਾਜ ਸਿੰਘ ਦਾ ਅੰਤਿਮ ਸੰਸਕਾਰ ਸੱਚਖੰਡ ਰੋਡ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਮੁਹਤਬਰ ਵਿਅਕਤੀ ਅਤੇ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਤਰਨ ਤਾਰਨ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਕੁਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ 20 ਸਾਲਾ ਨੌਜਵਾਨ ਸੁਖਰਾਜ ਸਿੰਘ ਦਾ ਅੰਤਿਮ ਸੰਸਕਾਰ ਸੱਚਖੰਡ ਰੋਡ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਮੁਹਤਬਰ ਵਿਅਕਤੀ ਅਤੇ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਤਰਨ ਤਾਰਨ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੁੰਦਿਆਂ ਸੰਧੂ ਨੇ ਕਿਹਾ ਕਿ 20 ਸਾਲ ਦੀ ਉਮਰ ਵਿਚ ਇਕ ਨੌਜਵਾਨ ਦਾ ਇਸ ਤਰ੍ਹਾਂ ਗੋਲੀਆਂ ਦਾ ਸ਼ਿਕਾਰ ਹੋ ਜਾਣਾ ਬੇਹੱਦ ਮੰਦਭਾਗਾ ਅਤੇ ਸਮੁੱਚੇ ਸਮਾਜ ਲਈ ਵੱਡਾ ਦੁਖਾਂਤ ਹੈ। ਹਰਜੀਤ ਸਿੰਘ ਸੰਧੂ ਨੇ ਪਰਿਵਾਰ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਇਕ ਮਾਂ ਲਈ ਆਪਣੇ ਪੁੱਤਰ ਨੂੰ ਆਪਣੇ ਹੱਥੀਂ ਅੰਤਿਮ ਵਿਦਾਈ ਦੇਣਾ ਕਿੰਨਾ ਅਸਹਿ ਦਰਦ ਹੈ, ਇਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਮਾਂ ਦੀ ਸੁੰਨੀ ਹੋਈ ਕੁੱਖ ਵਿੱਚ ਉਸ ਦਾ ਪੁੱਤਰ ਤਾਂ ਵਾਪਸ ਨਹੀਂ ਲਿਆ ਸਕਦੇ, ਪਰ ਪਰਿਵਾਰ ਦੇ ਦੁੱਖ ਨੂੰ ਵੰਡਾਉਣ ਅਤੇ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਪੂੰਝਣ ਲਈ ਹਰ ਸੰਭਵ ਯਤਨ ਜ਼ਰੂਰ ਕਰਨਗੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਜਦੋਂ ਤੱਕ ਸੁਖਰਾਜ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਨਹੀਂ ਦਿਵਾਈ ਜਾਂਦੀ, ਉਦੋਂ ਤੱਕ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਪੂਰੇ ਇਲਾਕੇ ਦੇ ਲੋਕਾਂ ਦੇ ਮਨਾਂ ਵਿਚ ਪੈਦਾ ਹੋਏ ਡਰ ਅਤੇ ਅਸੁਰੱਖਿਆ ਦੀ ਭਾਵਨਾ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਕਤਲ ਦੀ ਡੂੰਘਾਈ ਨਾਲ ਜਾਂਚ ਕਰਕੇ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸੁਖਰਾਜ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਜੋ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਸ ਦੀ ਭਰਪਾਈ ਕੋਈ ਨਹੀਂ ਕਰ ਸਕਦਾ, ਪਰ ਇਕ ਜ਼ਿੰਮੇਵਾਰ ਸਮਾਜ ਅਤੇ ਲੋਕਾਂ ਦੇ ਨੁੰਮਾਇੰਦੇ ਹੋਣ ਦੇ ਨਾਤੇ ਇਹ ਸਾਡਾ ਫ਼ਰਜ਼ ਹੈ ਕਿ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਆਖ਼ਰੀ ਸਾਹ ਤੱਕ ਸੰਘਰਸ਼ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ। ਇਸ ਮੌਕੇ ਹਰਪ੍ਰੀਤ ਸਿੰਘ ਸ਼ਿੰਦਬਾਜ, ਚਰਨਜੀਤ ਸਿੰਘ ਖਾਲਸਾ, ਦਿਨੇਸ਼ ਜੋਸ਼ੀ, ਰੋਹਿਤ ਸ਼ਰਮਾ, ਅਮਨ ਅਰੋੜਾ, ਅਵਤਾਰ ਸਿੰਘ ਬੰਟੀ, ਮੇਜਰ ਸਿੰਘ, ਕਾਬਲ ਸਿੰਘ, ਨਿਸ਼ਾਨ ਸਿੰਘ, ਸੁਰਜੀਤ ਸਿੰਘ ਸਾਗਰ, ਹਰਜੀਤ ਸਿੰਘ ਕੰਗ, ਲੱਕੀ ਜੋਸ਼ੀ ਆਦਿ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।