ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)–ਐੱਸ.ਡੀ.ਐੱਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਅਮਨਪ੍ਰੀਤ ਸਿੰਘ ਵਲੋਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰਕਿਰਿਆ ਦੌਰਾਨ ਫਾਰਮ ਨੰਬਰ 9, 10 ਅਤੇ 11 ਦੀ ਜਾਣਕਾਰੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕਰਨਾ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਯਕੀਨੀ ਬਣਾਉਣਾ ਸੀ। ਇਸ ਦੌਰਾਨ ਉਨ੍ਹਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਾਰਮ ਨੰਬਰ 9, 10 ਅਤੇ 11 ਸਬੰਧੀ ਪ੍ਰਾਪਤ ਹੋਣ ਵਾਲੀ ਜਾਣਕਾਰੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਾਂਝੀ ਕੀਤੀ ਜਾਵੇਗੀ, ਤਾਂ ਜੋ ਰਾਜਨੀਤਿਕ ਪਾਰਟੀਆਂ ਵਲੋਂ ਵੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ’ਤੇ ਨਿਗਰਾਨੀ ਰੱਖੀ ਜਾ ਸਕੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੂਥ ਲੈਵਲ ਏਜੰਟਾਂ ਨੂੰ ਸਰਗਰਮ ਕਰਨ ਅਤੇ ਵੋਟਰ ਸੂਚੀਆਂ ਦੀ ਜਾਂਚ ਦੌਰਾਨ ਪ੍ਰਾਪਤ ਹੋਣ ਵਾਲੀਆਂ ਤਰੁੱਟੀਆਂ ਜਾਂ ਇਤਰਾਜ਼ਾਂ ਬਾਰੇ ਸਮੇਂ ਸਿਰ ਚੋਣ ਦਫ਼ਤਰ ਨੂੰ ਜਾਣੂ ਕਰਵਾਉਣ। ਉਨ੍ਹਾਂ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ।