ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਮਾਘੀ ਮੇਲੇ ਦੇ ਪਵਿੱਤਰ ਦਿਹਾੜੇ 'ਤੇ ਪੰਜਾਬ ਦੇ ਲੋਕਾਂ ਸਾਹਮਣੇ ਪਾਵਨ ਸਰੂਪਾਂ ਪ੍ਰਤੀ ਝੂਠ ਬੋਲਣ ਵਾਲੇ ਮੁੱਖ ਮੰਤਰੀ ਨੂੰ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਹਮੇਸ਼ਾ ਹੀ ਝੂਠ ਬੋਲਣ ਦੀ ਆਦਤ ਰਹੀ ਹੈ, ਪਰ ਉਹ ਪਾਵਨ ਸਰੂਪਾਂ ਦੇ ਮਾਮਲੇ ਵਿਚ ਝੂਠ ਬੋਲਣਗੇ, ਇਸ ਦੀ ਕਲਪਨਾ ਨਹੀਂ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਹੁਣ ਉਹ ਆਪਣੇ ਕੁੱਝ ਮੰਤਰੀਆਂ ਨੂੰ ਰਾਜਾ ਸਾਹਿਬ ਦੇ ਦਰਬਾਰ ਵਿਚ ਭੇਜ ਕੇ ਇਸ ਮਾਮਲੇ ਸਬੰਧੀ ਸਪਸ਼ਟੀਕਰਨ ਦੇ ਰਹੇ ਹਨ, ਪਰ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਉਹ ਇਸ ਲਈ ਮੁੱਖ ਮੰਤਰੀ ਨੂੰ ਕਦੀ ਮਾਫ਼ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਹਮੇਸ਼ਾ ਧਰਮ ਦੀ ਆੜ ਵਿਚ ਰਾਜਨੀਤੀ ਕੀਤੀ ਹੈ, ਜੋ ਕਿ ਕਿਸੇ ਵੀ ਚੰਗੇ ਆਗੂ ਅਤੇ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਿਚ ਜੇਕਰ ਥੋੜ੍ਹੀ ਜਿਹੀ ਵੀ ਨੈਤਿਕਤਾ ਬਚੀ ਹੈ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਫਾਰਗ ਹੋ ਜਾਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਤੋਂ ਦੁਖੀ ਹਨ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਮੁੜ ਤੋਂ ਸੱਤਾ ਵਿਚ ਆਵੇਗਾ | ਇਸ ਮੌਕੇ ਬਾਬਾ ਅਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਜਗਜੀਤ ਸਿੰਘ ਜੱਗਾ ਆਦਿ ਹਾਜ਼ਰ ਸਨ |