ਡੇਹਲੋਂ, 20 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਸਮੂਹ ਵਰਗਾਂ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਅਹਿਮ ਐਲਾਨ ਕੀਤਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾ ਰਹੀ ਹੈ, ਨਾਲ ਹੀ ਆਮ ਲੋਕਾਂ ਦੀ ਰਖਵਾਲੀ ਸਮੇਤ ਨਿੱਜੀ ਮੁਸ਼ਕਲਾਂ ਦੇ ਹੱਲ ਲਈ ਜਿੱਥੇ ਸੰਗੋਵਾਲ ਪਰਿਵਾਰ ਦਿਨ ਰਾਤ ਹਾਜ਼ਰ ਰਹੇਗਾ, ਉਸਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਬਚਾਉਣ ਲਈ ਕਿਸੇ ਨੂੰ ਵੀ ਇਜਾਜ਼ਤ ਨਹੀ ਹੈ | ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਰੰਭੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸਮੇਤ ਅੱਜ ਪੂਰੇ ਪੰਜਾਬ ਅੰਦਰ ਪੁਲਿਸ ਵਿਭਾਗ ਵਲੋਂ ਗੈਂਗਸਟਰਾਂ ਖ਼ਿਲਾਫ਼ ਆਰੰਭੀ ਕਾਰਵਾਈ ਦੀ ਦੱਬਕੇ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਨੱਥ ਪਾ ਕੇ ਦਮ ਲਵੇਗੀ, ਤਾਂ ਕਿ ਆਮ ਲੋਕ ਸੁੱਖ ਦਾ ਸਾਹ ਲੈਣ ਸਕਣ | ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵੱਡੇ ਪੱਧਰ ਤੇ ਯਤਨ ਕਰ ਰਹੀ ਹੈ, ਜਿਸ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਸਮੇਤ ਗੈਂਗਸਟਰਾਂ ਤੋਂ ਨਿਜਾਤ ਦਿਵਾਉਣਾ ਸਰਕਾਰ ਦਾ ਮੁੱਖ ਮਨੋਰਥ ਬਣ ਚੁੱਕਾ ਹੈ | ਉਨ੍ਹਾਂ ਹਲਕਾ ਗਿੱਲ ਅਧੀਨ ਪੈਂਦੇ ਸਮੂਹ ਥਾਣਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਿਨ ਰਾਤ ਇਕ ਕਰ ਦੇਵੇ | ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ ਤੋਂ ਡਰਨ ਦੀ ਬਜਾਇ ਉਨ੍ਹਾਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ ਤਾਂ ਕਿ ਸਮੇਂ ਗੁੰਡਾ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ |