ਆਲਮਗੀਰ, 20 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਨਮਾਨਯੋਗ ਅਹੁਦੇ 'ਤੇ ਬਿਰਾਜਮਾਨ ਹੋ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਬੋਲੇ ਗਏ ਝੂਠ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ | ਐਡਵੋਕੇਟ ਹਰਨਾਮਪੁਰਾ ਨੇ ਦਫ਼ਤਰ ਵਿਖੇ ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 169 ਸਰੂਪ ਮਿਲ ਗਏ ਹਨ, ਜਦਕਿ ਉਕਤ ਸਰੂਪ ਉਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਬੜੇ ਸਤਿਕਾਰ ਅਤੇ ਸਨਮਾਨ ਨਾਲ ਸੁਸ਼ੋਭਿਤ ਕੀਤੇ ਹੋਏ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਰਗੇ ਸਨਮਾਨਯੋਗ ਅਹੁਦੇ 'ਤੇ ਬੈਠ ਕੇ ਕਿਸੇ ਵੀ ਵਿਅਕਤੀ ਨੂੰ ਐਸਾ ਝੂਠ ਬੋਲਣਾ ਸ਼ੋਭਾ ਨਹੀਂ ਦਿੰਦਾ, ਕਿਉਂਕਿ ਮੌਜੂਦਾ ਸਰਕਾਰ ਦੇ ਮੰਤਰੀਆਂ ਨੇ ਹੀ ਇਹ ਗੱਲ ਮੰਨ ਲਈ ਹੈ ਕਿ ਉਕਤ ਸਰੂਪ ਗੁਰਦੁਆਰਾ ਸਾਹਿਬ ਵਿਖੇ ਚਲਾਈ ਜਾਂਦੀ ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਹੋਏ ਹਨ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਰ ਜਾਇਜ਼ ਨਾਜਾਇਜ਼ ਕੋਸ਼ਿਸ਼ ਰਹਿੰਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਤਰ੍ਹਾਂ ਝੂਠੇ ਪਰਚੇ ਵਿਚ ਫਸਾ ਕੇ ਜੇਲ੍ਹ ਅੰਦਰ ਡੱਕ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕੀਤਾ ਜਾ ਸਕੇ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਸਾਰੇ ਸੁਪਨੇ ਚਕਣਾ ਚੂਰ ਕਰਦਾ ਹੋਇਆ ਸ਼ਾਨ ਨਾਲ ਸਰਕਾਰ ਦਾ ਗਠਨ ਕਰੇਗਾ | ਇਸ ਮੌਕੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਅਮਿ੍ਤਪਾਲ ਸਿੰਘ, ਰਸਪਾਲ ਸਿੰਘ, ਭੁਪਿੰਦਰ ਸਿੰਘ ਸਮੇਤ ਹੋਰ ਵੀ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ |