ਲੁਧਿਆਣਾ, 26 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਫ਼ਰੀਦਾਬਾਦ ਦੇ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਦੇ ਰਹਿਣ ਵਾਲੇ ਹਰਪਾਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਲਲਿਤ ਅਗਰਵਾਲ ਵਾਸੀ ਫ਼ਰੀਦਾਬਾਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਵਪਾਰ ਦੇ ਮਾਮਲੇ ਵਿਚ ਉਸਦੇ ਦਸਤਾਵੇਜ਼ਾਂ ਦੀ ਗ਼ਲਤ ਵਰਤੋਂ ਕਰਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |