ਲੁਧਿਆਣਾ, 26 ਮਾਰਚ (ਜਤਿੰਦਰ ਭੰਬੀ)-ਵਿਦੇਸ਼ੀ ਦੌਰੇ 'ਤੇ ਗਏ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਮੀਤ ਪ੍ਰਧਾਨ ਰਜਨੀਸ਼ ਚੋਪੜਾ ਨੇ ਪੰਜਾਬ ਦੇ ਮਾਹੌਲ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦੇਸ਼ ਬੈਠੇ ਪੰਜਾਬੀਆਂ ਵਿਚ ਆਪਣੇ ਪਰਿਵਾਰਾਂ ਨੂੰ ਲੈ ਕੇ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੀ ਪੰਜਾਬ ਦੀਆਂ ਖਬਰਾਂ ਪੁੱਜ ਰਹੀਆਂ ਹਨ ਕਿ ਕਿਸ ਤਰ੍ਹਾਂ ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ, ਗੈਂਗਸਟਰ ਪੰਜਾਬੀਆਂ ਤੋਂ ਫਿਰੌਤੀਆਂ ਮੰਗ ਰਹੇ ਹਨ ਅਤੇ ਨਾ ਮਿਲਣ 'ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਨਾ ਤਾਂ ਵਪਾਰੀ ਸੁਰੱਖਿਅਤ ਹੈ ਅਤੇ ਨਾ ਹੀ ਉਦਯੋਗਪਤੀ | ਉਨ੍ਹਾਂ ਕਿਹਾ ਕਿ ਨਸ਼ੇ ਨੂੰ ਚਾਰ ਹਫਤੇ ਵਿਚ ਬੰਦ ਕਰਨ ਦੇ ਵਾਅਦੇ ਨਾਲ ਸਤਾ ਵਿਚ ਆਈ ਆਪ ਸਰਕਾਰ ਦੇ ਰਾਜ ਵਿਚ ਹੁਣ ਸਿੰਥੈਟਿਕ ਨਸ਼ਾ ਹਰੇਕ ਗਲੀ ਮੁਹੱਲੇ ਵਿਚ ਸ਼ਰੇ੍ਹਆਮ ਵਿਕ ਰਿਹਾ ਹੈ ਅਤੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਕਰਕੇ ਲੋਕਾਂ ਨੂੰ ਫਿਰ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨੋ-ਦਿਨ ਭਾਰੀ ਹੋ ਰਹੀ ਹੈ ਅਤੇ ਮਾਨ ਸਰਕਾਰ ਪੰਜਾਬ ਵਾਸੀਆਂ ਨੂੰ ਮੁਫਤ ਦੀਆਂ ਰਿਓੜੀਆਂ ਵੰਡ ਕੇ ਦੁਬਾਰਾ ਸੱਤਾ ਵਿਚ ਆਉਣ ਦੇ ਸੁਪਨੇ ਦੇਖ ਰਹੀ ਹੈ ਜੋ ਕਿ ਪੰਜਾਬ ਵਾਸੀ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਣਗੇ ਅਤੇ 2027 'ਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ ਜੋ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਕਰਨ ਦੇ ਨਾਲ-ਨਾਲ ਸਰਬਪੱਖੀ ਵਿਕਾਸ ਕਰਵਾਉਣ ਲਈ ਵੀ ਵਚਨਬੱਧ ਹੈ |