ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਕਿਚਲੂ ਨਗਰ, ਥਾਣਾ ਪੀ.ਏ.ਯੂ. ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਾਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ | ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ | ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ |