ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਫ਼ੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਹ ਕਾਰਵਾਈ ਓਮੈਕਸ ਰੈਜ਼ੀਡੈਂਸੀ ਦੇ ਰਹਿਣ ਵਾਲੇ ਰੋਹਿਤ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਤਰੁਣ ਕੁਮਾਰ ਵਾਸੀ ਪਿੰਡ ਬ੍ਰਾਹਮਣ ਮਾਜਰਾ ਅਤੇ ਦੀਪਕ ਕੁਮਾਰ ਵਾਸੀ ਕਲਸੀਆਂ ਵਾਲੀ ਗਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀ ਦੁਕਾਨ ਦੇ ਤਾਲੇ ਤੋੜ ਕੇ ਦਫ਼ਤਰ ਵਿਚ ਪਏ ਦੋ ਐਲ.ਈ.ਡੀ., 4 ਹਜ਼ਾਰ ਦੀ ਨਗਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਪੁਲਿਸ ਨੂੰ ਦਿੱਤੀ ਗਈ ਸੂਚਨਾ ਮਿਲਦੇ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਜਿੱਥੋਂ ਉਕਤ ਦੋਸ਼ੀਆਂ ਬਾਰੇ ਸੁਰਾਗ ਹਾਸਲ ਹੋਇਆ ਸੀ, ਜਿਸ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ | ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |