ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੱਕਾ ਰੋਡ 'ਤੇ ਹਥਿਆਰਬੰਦ ਲੁਟੇਰੇ ਇਕ ਡੇਅਰੀ ਮਾਲਕ ਤੋਂ ਹਜ਼ਾਰਾਂ ਦੀ ਨਗਦੀ ਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬਾਬਾ ਨਾਮਦੇਵ ਕਾਲੋਨੀ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ਼ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪਿੰਡ ਕੱਕਾ ਨੇੜੇ ਜਾ ਰਿਹਾ ਸੀ ਕਿ ਇਕ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ ਮੋਬਾਈਲ ਅਤੇ 7 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ ਹੋ ਗਏ | ਅਰਸ਼ਦੀਪ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗਾ ਸੀ |