ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਦੋ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਰਦੀਪ ਸ਼ਰਮਾ ਵਾਸੀ ਗੁਰੂ ਤੇਗ ਬਹਾਦਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰੋਹਿਤ ਵਰਮਾ ਅਤੇ ਅਜੈ ਸ਼ਰਮਾ ਵਾਸੀ ਕੈਲਾਸ਼ ਨਗਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਮਨਦੀਪ ਸ਼ਰਮਾ ਉਕਤ ਕਥਿਤ ਦੋਸ਼ੀਆਂ ਨਾਲ ਕੰਮ ਦੇ ਸਿਲਸਿਲੇ ਵਿਚ ਮਨਾਲੀ ਗਿਆ ਸੀ, ਜਿੱਥੇ ਕਿ ਉਸ ਦੇ ਦੋਸਤਾਂ ਨੇ ਦੱਸਿਆ ਕਿ ਉਸ ਦੀ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਹੈ | ਇਹਨਾਂ ਕਥਿਤ ਦੋਸ਼ੀਆਂ ਵਲੋਂ ਸੱਟਾਂ ਲੱਗਣ ਦੇ ਬਾਵਜੂਦ ਉਸ ਦਾ ਇਲਾਜ ਨਹੀਂ ਕਰਵਾਇਆ, ਜੋ ਕਿ ਉਸ ਦੀ ਮੌਤ ਦਾ ਕਾਰਨ ਬਣਿਆ | ਹਾਲ ਦੀ ਘੜੀ ਇਹਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਇਸ ਮਾਮਲੇ ਵਿਚ ਅਜੇ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |