15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਲਈ ਪੰਥਕ ਧਿਰਾਂ ਦੀ ਅਹਿਮ ਮੀਟਿੰਗ

ਅਜੀਤ ਡੈਸਕ 24-06-2026


ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਏ ਗਏ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਪੰਥਕ ਧਿਰਾਂ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ, ਗੁਰਦੁਆਰਾ ਸਾਹਿਬਾਨ ਦੇ ਮੁੱਖ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਵਲੋਂ ਵੀ ਸ਼ਿਰਕਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਤਾ ਦੇ ਹੰਕਾਰ ਵਿਚ ਆਇਆ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੁੱਲ੍ਹੇਆਮ ਚੁਣੌਤੀ ਦੇ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਇਕ ਪਾਸੇ ਤਾਂ ਬੇਅਦਬੀ ਵਿਰੁੱਧ ਕਾਨੂੰਨ ਬਣਾ ਰਿਹਾ ਹੈ, ਦੂਜੇ ਪਾਸੇ ਆਪ ਹੀ ਗੁਰੂ ਸਾਹਿਬਾਨਾਂ ਦੀ ਬੇਅਦਬੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਵਿਸ਼ਵਾਸ਼ ਵਿਚ ਨਹੀਂ ਲਿਆ ਗਿਆ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਗੁਰਦੁਆਰਾ ਸਾਹਿਬ ਦੇ ਸਾਹਮਣੇ ‘ਗੁਰੂ ਦੋਖੀ-ਪੰਥ ਵਿਰੋਧੀ ਭਗਵੰਤ ਮਾਨ’ ਦੇ ਬੋਰਡ ਲਗਾਏ ਜਾਣਗੇ ਅਤੇ ਇਸ ਤਰ੍ਹਾਂ ਦੇ ਸਟਿੱਕਰ ਬਣਾ ਕੇ ਆਮ ਲੋਕਾਂ ਨੂੰ ਵੰਡੇ ਜਾਣਗੇ ਤਾਂ ਜੋ ਲੋਕਾਂ ਨੂੰ ਮੁੱਖ ਮੰਤਰੀ ਦੇ ਅਸਲੀ ਚਿਹਰੇ ਬਾਰੇ ਜਾਣੂੰ ਕਰਵਾਇਆ ਜਾ ਸਕੇ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਹਰੇਕ ਰਾਗੀ ਅਤੇ ਢਾਡੀ ਆਪੋ ਆਪਣੀਆਂ ਸਟੇਜਾਂ ’ਤੇ ਮੁੱਖ ਮੰਤਰੀ ਦੇ ਦੋਹਰੇ ਚਰਿੱਤਰ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਵਿਵਾਦਿਤ ਵੀਡੀਓ ਦੀ ਦੋ ਪ੍ਰਯੋਗਸ਼ਾਲਾ ਵਿਚੋਂ ਜਾਂਚ ਕਰਵਾਈ ਗਈ ਹੈ ਅਤੇ ਜਾਂਚ ਦੌਰਾਨ ਇਹ ਵੀਡੀਓ ਸਹੀ ਪਾਈ ਗਈ ਹੈ। ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੇ ਤੌਰ ’ਤੇ ਟਕਰਾਅ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨੂੰ ਕਿ ਸਿੱਖ ਪੰਥ ਕਦੀ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਅਕਾਲੀ ਦਲ ਦੀ ਨਹੀਂ ਬਲਕਿ ਪੰਥ ਦੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਇਸ ਮੀਟਿੰਗ ਵਿਚ ਗੁਰੂ ਦਾ ਸੁਨੇਹਾ ਲੈ ਕੇ ਆਏ ਹਨ ਅਤੇ ਪੰਜ ਮੈਂਬਰੀ ਕਮੇਟੀ ਅਗੋਂ ਵੀ ਗੁਰੂ ਦਾ ਸੁਨੇਹਾ ਲੈ ਕੇ ਸਿੱਖ ਸੰਗਤ ਪਾਸ ਜਾਵੇਗੀ।
(ਬਾਕੀ ਸਫਾ 7 ’ਤੇ)

ਪਿਛਲੀ ਖ਼ਬਰ ਆਤਮ ਨਗਰ ਫਲਾਈਓਵਰ ’ਤੇ ਕਾਰ ਨੂੰ ਲੱਗੀ ਅੱਗ-ਵੱਡਾ ਹਾਦਸਾ ਹੋਣੋਂ ਟਲਿਆ ਅਗਲੀ ਖ਼ਬਰ ਸ਼ਹਿਰ ਦੇ ਸੇਵਾ ਕੇਂਦਰਾਂ ਤੇ ਆਧਾਰ ਸੇਵਾ ਕੇਂਦਰਾਂ ’ਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਅੱਤ ਦੀ ਗਰਮੀ ’ਚ ਧੁੱਪੇ ਖੜ੍ਹਨ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।