12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

28 ਜੂਨ ਤੋਂ 2 ਜੁਲਾਈ ਤੱਕ ਚੱਲਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ 4.90 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਅਜੀਤ ਡੈਸਕ 25-06-2026


ਲੁਧਿਆਣਾ, 24 ਜੂਨ (ਡਾ. ਤਰਲੋਚਨ ਸਿੰਘ)-ਆਗਾਮੀ ਰਾਸ਼ਟਰੀ ਪਲਸ ਪੋਲੀਓ ਟੀਕਾਕਰਨ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜ) ਪਾਇਲ ਗੋਇਲ ਅਤੇ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਇਲ ਗੋਇਲ ਨੇ ਯੋਗ ਬੱਚਿਆਂ ਦੀ ਸੌ ਫ਼ੀਸਦੀ ਕਵਰੇਜ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਟੀਕਾਕਰਨ ਮੁਹਿੰਮ ਦੌਰਾਨ ਕੋਈ ਵੀ ਬੱਚਾ ਪੋਲੀਓ ਦੀ ਖ਼ੁਰਾਕ ਤੋਂ ਵਾਂਝਾ ਨਾ ਰਹੇ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ 28 ਜੂਨ ਤੋਂ 2 ਜੁਲਾਈ ਤੱਕ ਲੁਧਿਆਣਾ ਜ਼ਿਲ੍ਹੇ ਵਿਚ ਚਲਾਈ ਜਾਵੇਗੀ, ਜਿਸ ਦੌਰਾਨ ਪੰਜ ਸਾਲ ਤੋਂ ਘੱਟ ਉਮਰ ਦੇ ਲਗਭਗ 4.90 ਲੱਖ ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਸਿਹਤ ਵਿਭਾਗ ਵਲੋਂ ਜ਼ਿਲ੍ਹੇ ਭਰ ਵਿਚ 632 ਪੋਲੀਓ ਬੂਥ ਅਤੇ 438 ਸਬ-ਬੂਥ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰ ਯੋਗ ਬੱਚੇ ਤੱਕ ਪਹੁੰਚ ਯਕੀਨੀ ਬਣਾਉਣ ਲਈ 1535 ਘਰ-ਘਰ ਜਾ ਕੇ ਕੰਮ ਕਰਨ ਵਾਲੀਆਂ ਟੀਮਾਂ, 80 ਟਰਾਂਜ਼ਿਟ ਟੀਮਾਂ ਅਤੇ 98 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ 506 ਸੁਪਰਵਾਈਜ਼ਰ ਪੂਰੀ ਮੁਹਿੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ 28 ਜੂਨ ਨੂੰ ਬੂਥਾਂ ’ਤੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ, ਜਿਸ ਤੋਂ ਬਾਅਦ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਘਰ-ਘਰ ਜਾ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਹ ਗਤੀਵਿਧੀਆਂ ਪੇਂਡੂ ਖੇਤਰਾਂ ਵਿਚ ਤਿੰਨ ਦਿਨ ਅਤੇ ਸ਼ਹਿਰੀ ਤੇ ਪੈਰੀ-ਅਰਬਨ ਖੇਤਰਾਂ ਵਿਚ ਪੰਜ ਦਿਨ ਤੱਕ ਜਾਰੀ ਰਹਿਣਗੀਆਂ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਵਾਲੇ ਮੁੱਖ ਮੰਤਰੀ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰੇਗੀ-ਜਥੇਦਾਰ ਗਾਬੜੀਆ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।