26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਨਸ਼ਾ ਤਸਕਰੀ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਤਿੰਨ ਕਾਬੂ

ਅਜੀਤ ਡੈਸਕ 22-07-2026
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰੀ ਦੇ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 150 ਗ੍ਰਾਮ ਹੈਰੋਇਨ, ਬੈਂਕ ਖਾਤਿਆਂ ਵਿਚੋਂ 9 ਲੱਖ 13 ਹਜ਼ਾਰ ਰੁਪਏ ਦੀ ਡਰੱਗ ਮਨੀ, 10 ਹਜ਼ਾਰ ਰੁਪਏ ਨਗਦ ਅਤੇ 15 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਸੂਤਰਾਂ ਅਨੁਸਾਰ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 75 ਲੱਖ ਰੁਪਏ ਦੱਸੀ ਜਾ ਰਹੀ ਹੈ। ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇੰਸਪੈਕਟਰ ਪ੍ਰਮੋਦ ਰਾਜ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਖ਼ਬਰੀ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ। ਜਾਂਚ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ, ਡਰੱਗ ਮਨੀ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਨਸੀਮ, ਸਨੀ ਜੈਸਵਾਲ ਅਤੇ ਸ਼ਿਖਾ ਜੈਸਵਾਲ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਸਨੀ ਅਤੇ ਸ਼ਿਖਾ ਪਤੀ-ਪਤਨੀ ਹਨ ਅਤੇ ਤਿੰਨੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਸਨ। ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ਾ ਵੇਚਣ ਤੋਂ ਬਾਅਦ ਗਾਹਕਾਂ ਤੋਂ ਪੈਸੇ ਯੂ.ਪੀ.ਆਈ. ਰਾਹੀਂ ਆਪਣੇ ਬੈਂਕ ਖਾਤਿਆਂ ਵਿਚ ਮੰਗਵਾਉਂਦੇ ਸਨ, ਜਿਨ੍ਹਾਂ ਨਸ਼ਾ ਕਰਨ ਵਾਲਿਆਂ ਕੋਲ ਪੈਸੇ ਨਹੀਂ ਹੁੰਦੇ ਸਨ, ਉਨ੍ਹਾਂ ਤੋਂ ਮੋਬਾਈਲ ਫ਼ੋਨ ਜਾਂ ਹੋਰ ਕੀਮਤੀ ਸਾਮਾਨ ਗਹਿਣੇ ਵਜੋਂ ਰੱਖ ਕੇ ਨਸ਼ਾ ਦਿੱਤਾ ਜਾਂਦਾ ਸੀ। ਏ.ਸੀ.ਪੀ. ਨੇ ਦੱਸਿਆ ਕਿ ਸਨੀ ਜੈਸਵਾਲ ਅਤੇ ਮੁਹੰਮਦ ਨਸੀਮ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਏ.ਸੀ.ਪੀ. ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਬਿਜਲੀ ਦਫ਼ਤਰ ਆਲਮਗੀਰ ਦੇ ਕਾਮਿਆਂ ਨੇ ਮੰਗਾਂ ਦੇ ਹੱਕ ’ਚ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਕੀਤੀ ਮੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।