ਲੁਧਿਆਣਾ, 23 ਜੁਲਾਈ (ਜਤਿੰਦਰ ਭੰਬੀ)-ਢੋਲੇਵਾਲ ਸਥਿਤ ਸੰਗੀਤ ਸਿਨੇਮਾ ਦੇ ਪਿੱਛੇ ਗੁਰੂ ਅਰਜਨ ਦੇਵ ਨਗਰ ‘ਚ ਖੋਲ੍ਹੇ ਜਾ ਰਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਲੋਕਾਂ ਨੇ ਧਰਨਾ ਦੇ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜੰਮ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜਿਸ ਥਾਂ ‘ਤੇ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਹੈ, ਉਹ ਰਿਹਾਇਸ਼ੀ ਇਲਾਕਾ ਹੈ ਅਤੇ ਇਲਾਕੇ ਵਿਚ ਮੰਦਰ, ਡਿਸਪੈਂਸਰੀਆਂ ਵੀ ਹਨ, ਇੱਥੇ ਸ਼ਰਾਬ ਦਾ ਠੇਕਾ ਖੋਲ੍ਹਣ ਨਾਲ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਮੁਸ਼ਕਲਾਂ ਪੈਦਾ ਹੋਣਗੀਆਂ ਅਤੇ ਇਲਾਕੇ ਦਾ ਮਾਹੌਲ ਵੀ ਖ਼ਰਾਬ ਹੋਵੇਗਾ। ਇਸ ਸਮੇਂ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਇਲਾਕਾ ਵਾਸੀਆਂ ਨੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ‘ਤੇ ਤੈਨਾਤ ਪੁਲਿਸ ਨੇ ਉਸ ਨੂੰ ਨਾਕਾਮ ਕਰ ਦਿੱਤਾ। ਧਰਨੇ ਦੀ ਸੂਚਨਾ ਮਿਲਦਿਆਂ ਸਥਾਨਕ ਕੌਂਸਲਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਠੇਕਾ ਖੋਲ੍ਹਣ ਦਾ ਸਖ਼ਤ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੀ ਹਾਲਤ ਵਿਚ ਇਸ ਥਾਂ ‘ਤੇ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹਣ ਦੇਣਗੇ। ਸੂਚਨਾ ਮਿਲਦਿਆਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਏ.ਐਸ.ਆਈ. ਹਰਭਜਨ ਸਿੰਘ ਨੇ ਕਿਹਾ ਕਿ ਭਾਵੇਂ ਰੋਸ ਪ੍ਰਗਟ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪਰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਜਾਂ ਅਗਜਨੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਇਹ ਅਪਰਾਧਿਕ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਠੇਕੇਦਾਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਇਸ ਦੇ ਆਧਾਰ ‘ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।