ਭਾਮੀਆਂ ਕਲਾਂ, 23 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸਤਾ ਹਥਿਆਉਣ ਵਾਲੀ ਆਮ ਆਦਮੀ ਪਾਟੀ ਦੀ ਸਰਕਾਰ ਨੇ ਸੂਬੇ ਨੂੰ ਕਰਜ਼ਾਈ ਕਰ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਹੁਣ ਸਰਕਾਰੀ ਅਦਾਰੇ ਵੀ ਕਰਜ਼ਾ ਲੈਣ ਦੇ ਰਾਹ ਤੁਰ ਪਏ ਹਨ। ਉਨ੍ਹਾਂ ਇਸ ਮਾਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਵਰਕਾਮ ਵਿਭਾਗ ਵਲੋਂ ਲਏ ਜਾਣ ਵਾਲੇ 10 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੀ ਖ਼ਬਰ ਸੂਬੇ ਦੇ ਲੋਕਾਂ ਲਈ ਬੇਹੱਦ ਮਾੜੀ ਹੈ,ਜੋ ਕਿ ਸਰਕਾਰ ਦੇ ਸਿਰ ਤੇ ਕਿਸੇ ਕਲੰਕ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਦੇ ਸਰਕਾਰੀ ਅਦਾਰੇ ਕਰਜ਼ਾ ਚੁੱਕਣ ਦੀ ਵਿਉਂਤਬੰਦੀ ਕਰ ਰਹੇ ਹਨ ਉਥੇ ਹੀ ਸਰਕਾਰੀ ਮੁਲਾਜ਼ਮ, ਪੈਨਸ਼ਨਜ਼ ਆਏ ਦਿਨ ਆਪ ਆਪਣੀਆਂ ਤਨਖ਼ਾਹਾਂ ਅਤੇ ਹੋਰ ਭੱਤੇ ਲੈਣ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ਤੇ ਅੰਨ੍ਹਾ ਤਸ਼ੱਦਦ ਢਾਹਿਆ ਜਾ ਰਿਹਾ ਹੈ, ਜਿਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਦੇਖਦੇ ਹੋਏ ਇਹ ਕਹਿਣਾ ਵਾਜਬ ਹੋਵੇਗਾ ਕਿ ਸਰਕਾਰ ਦਾ ਪਤਨ ਹੋਣ ਵਾਲਾ ਹੈ ਅਤੇ ਸੂਬੇ ਦੇ ਲੋਕ ਆਪ ਨੂੰ ਚੱਲਦਾ ਕਰਕੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਲਿਆਉਣਗੇ।