10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਭਿਸ਼ੇਕ ਕੁਮਾਰ ਵਾਸੀ ਹਰਗੋਬਿੰਦਪੁਰਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਨੂੰ ਪੁਲਿਸ ਨੇ ਮੋਤੀ ਨਗਰ ਨੇੜਿਉਂ ਕਾਬੂ ਕੀਤਾ ਹੈ।
ਗਾਂਜੇ ਸਮੇਤ ਕਾਬੂ
-ਪੁਲਿਸ ਨੇ ਰਾਮ ਗਣੇਸ਼ ਵਾਸੀ ਮਾਡਲ ਕਾਲੋਨੀ ਜਗੀਰਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 480 ਗਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਅਤੇ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ।
ਨਾਜਾਇਜ਼ ਸ਼ਰਾਬ ਸਮੇਤ ਤਿਨ ਕਾਬੂ
-ਪੁਲਿਸ ਨੇ ਕਸ਼ਿਸ਼ ਵਾਸੀ ਛਾਉਣੀ ਮੁਹੱਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਦਰੇਸੀ ਗਰਾਊਂਡ ਨੇੜਿਉਂ ਕਾਬੂ ਕੀਤਾ ਹੈ। ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਪ੍ਰਿੰਸ ਬਾਵਾ ਅਤੇ ਰਿਸ਼ੀ ਵਾਸੀ ਜਲੰਧਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੀ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਰਾਬ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਚੋਰੀ ਦੀ ਵਾਰਦਾਤ
-ਸਥਾਨਕ ਸ਼ਹੀਦ ਭਗਤ ਸਿੰਘ ਨਗਰ ਤੋਂ ਚੋਰਾਂ ਵਲੋਂ ਐਡਵੋਕੇਟ ਗੌਰਵ ਪ੍ਰਭਾਕਰ ਦੇ ਘਰ ਵਿਚੋਂ ਸਾਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਕੁੱਟਮਾਰ ਦਾ ਮਾਮਲਾ
-ਪੁਲਿਸ ਨੇ ਦੀਪਕ ਵਾਸੀ ਆਜ਼ਾਦ ਨਗਰ ਦੀ ਸ਼ਿਕਾਇਤ ’ਤੇ ਜਤਿੰਦਰ ਰਾਏ, ਵਿਕਾਸ ਰਾਏ ਰੂਮਾ ਵਾਸੀ ਆਜ਼ਾਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ।
ਅਗਵਾ ਦੀ ਕੋਸ਼ਿਸ਼
-ਸਥਾਨਕ ਦਲਜੀਤ ਨਗਰ ਤੋਂ ਇਕ ਬਜ਼ੁਰਗ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਓਮ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੇ ਘਰ ਜ਼ਬਰਦਸਤੀ ਦਾਖਲ ਹੋ ਗਏ ਅਤੇ ਉਸ ਦਾ ਲੈਪਟਾਪ ਖੋਹਣ ਦੀ ਕੋਸ਼ਿਸ਼ ਕੀਤੀ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਕਾਰ ਵਿਚ ਜ਼ਬਰਦਸਤੀ ਅਗਵਾ ਕਰਨ ਦੀ ਵੀ ਕੋਸ਼ਿਸ਼ ਕੀਤੀ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ’ਤੇ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਏ.ਟੀ.ਐਮ. ’ਚ ਚੋਰੀ
-ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਯੂਨੀਅਨ ਬੈਂਕ ਦੇ ਏ.ਟੀ.ਐਮ. ਤੋਂ ਚੋਰਾਂ ਵਲੋਂ ਏਅਰ ਕੰਡੀਸ਼ਨਰ ਤੇ ਯੂਨਿਟ ਚੋਰੀ ਕਰ ਲਏ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ। ਪੁਲਿਸ ਵਲੋਂ ਚੋਰਾਂ ਦੇ ਸੁਰਾਗ ਲਈ ਉੱਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
ਪਿਛਲੀ ਖ਼ਬਰ ਅਲਪਾਈਨ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਗਰ ਨਿਗਮ ਦੇ ਰਿਕਾਰਡ ਰੂਮ ’ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।