ਰਾਹੁਲ ਗਾਂਧੀ ਖ਼ਿਲਾਫ਼ ਪਰਚਾ ਦਰਜ ਕਰਨਾ ਨਿੰਦਣਯੋਗ, ਵਿਰੋਧ ’ਚ ਪੁਤਲੇ ਸਾੜੇ ਜਾਣਗੇ-ਰਾਜਾ ਵੜਿੰਗ
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਵਿਮੁਕਤ ਦਿਵਸ ਮੌਕੇ ਮਹਾਂਨਗਰ ’ਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੇ ਪਰਚੇ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਕਾਰਵਾਈ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਪੁਤਲੇ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਏਗੀ।
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਵਿਮੁਕਤ ਦਿਵਸ ਮੌਕੇ ਮਹਾਂਨਗਰ ’ਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੇ ਪਰਚੇ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਕਾਰਵਾਈ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਪੁਤਲੇ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਏਗੀ। ਕਾਂਗਰਸ ਵਲੋਂ ਮਨਾਏ ਜਾ ਰਹੇ ਵਿਮੁਕਤ ਦਿਵਸ ਤਹਿਤ ਮਹਾਂਨਗਰ ਵਿਚ ਰਾਹੋਂ ਰੋਡ ਸਥਿਤ ਪਿੰਡ ਮੇਹਰਬਾਨ ਦੇ ਇਕ ਰਿਜੋਰਟ ਵਿਖੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਡੀ.ਐਨ.ਟੀ. ਭਾਈਚਾਰੇ ਦੇ ਹੱਕਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਉਭਾਰਿਆ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਅਤੇ ਵਾਂਝੇ ਵਰਗਾਂ ਨਾਲ ਜੁੜੇ ਮੁੱਦੇ ਲਗਾਤਾਰ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵਲੋਂ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਲੋਕਤੰਤਰ ਦਾ ਅਹਿਮ ਹਿੱਸਾ ਹੈ। ਅਜਿਹੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨੂੰ ਕਾਂਗਰਸ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਪਰਚੇ ਦੇ ਵਿਰੋਧ ਵਿਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਵੜਿੰਗ ਨੇ ਸਪਸ਼ਟ ਕੀਤਾ ਕਿ ਪਾਰਟੀ ਵਰਕਰ ਪੁਤਲੇ ਸਾੜ ਕੇ ਵੀ ਇਸ ਕਾਰਵਾਈ ਦਾ ਵਿਰੋਧ ਕਰਨਗੇ। ਵਿਮੁਕਤ ਦਿਵਸ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਵਿਮੁਕਤ ਜਨਜਾਤੀਆਂ ਦਾ ਭਾਈਚਾਰਾ ਮਾਰਸ਼ਲ ਭਾਈਚਾਰਾ ਹੈ, ਜਿਸ ਨੇ ਦੇਸ਼ ਅਤੇ ਸਮਾਜ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਭਾਈਚਾਰੇ ਨੂੰ ਉਸ ਦਾ ਬਣਦਾ ਸਨਮਾਨ, ਹੱਕ, ਸਮਾਜ ਵਿਚ ਬਰਾਬਰ ਦਾ ਦਰਜਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੀ.ਐਨ.ਟੀ. ਭਾਈਚਾਰੇ ਨਾਲ ਸੰਬੰਧਿਤ ਲੋਕਾਂ ਨੂੰ ਸਿੱਖਿਆ, ਰੁਜ਼ਗਾਰ, ਰਿਹਾਇਸ਼ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿਚ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ। ਇਸ ਮੌਕੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਦੇ ਕੌਮੀ ਪ੍ਰਧਾਨ ਰਾਜਿੰਦਰ ਪਾਲ ਗੌਤਮ, ਐਸ.ਸੀ. ਐਸ.ਟੀ. ਓ.ਬੀ.ਸੀ. ਅਤੇ ਘੱਟ ਗਿਣਤੀ ਮਾਮਲਿਆਂ ਦੇ ਕੌਮੀ ਕੋਆਰਡੀਨੇਟਰ ਅਤੇ ਝਾਰਖੰਡ ਇੰਚਾਰਜ ਕੇ. ਰਾਜੂ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਚੀਫ਼ ਐਡਮਿਨਿਸਟ੍ਰੇਟਰ ਗੁਰਦੀਪ ਸਿੰਘ ਸੱਪਲ, ਸੰਸਦ ਮੈਂਬਰ ਡਾ. ਅਮਰ ਸਿੰਘ, ਵਿਕਰਮ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਦਲਵੀ, ਗੁਲਜ਼ਾਰ ਸਿੰਘ, ਨਿਸ਼ਾਨ ਸਿੰਘ ਖਾਰਾਂ ਆਦਿ ਮੌਜੂਦ ਸਨ।