ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਨੇ ਸਖ਼ਤ ਰੁਖ ਅਪਣਾਉਂਦਿਆਂ ਆਤਿਸ਼ੀ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਬਾਬਤ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਿਤ ਨਹੀਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਗੰਭੀਰ ਮੁੱਦਾ ਹੈ | ਉੱਭਾ ਨੇ ਕਿਹਾ ਕਿ ਜਦੋਂ ਸਚਾਈ ਪੂਰੀ ਤਰ੍ਹਾਂ ਸਾਹਮਣੇ ਆ ਚੁੱਕੀ ਹੈ ਤਾਂ ਹੁਣ ਇਸ ਮਾਮਲੇ ਨੂੰ ਦਬਾਉਣ ਜਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਈ ਗੁੰਜਾਇਸ਼ ਨਹੀਂ ਰਹਿ ਜਾਂਦੀ | ਪੰਜਾਬ ਭਾਜਪਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਹੁਣ ਜਦੋਂ ਫੋਰੈਂਸਿਕ ਰਿਪੋਰਟ ਨਾਲ ਸਚਾਈ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ ਤਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉੱਭਾ ਨੇ ਕਿਹਾ ਕਿ ਭਾਜਪਾ ਇਸ ਮਾਮਲੇ 'ਚ ਪਿੱਛੇ ਨਹੀਂ ਹਟੇਗੀ ਅਤੇ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦਾੋ ਤੱਕ ਭਾਜਪਾ ਦਾ ਸੰਘਰਸ਼ ਜਾਰੀ ਰਹੇਗਾ |