ਚੰਡੀਗੜ੍ਹ, 21 ਜਨਵਰੀ (ਸੰਦੀਪ ਕੁਮਾਰ ਮਾਹਨਾ)ਪੰਜਾਬ ਸਰਕਾਰ ਵਲੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਸਿੱਖਿਆ ਅਤੇ ਪੋਸ਼ਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਦੱਸਿਆ ਕਿ ਸੂਬੇ ਭਰ 'ਚ ਚੱਲ ਰਹੇ ਪਲੇਵੇ ਸਕੂਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਵਲੋਂ ਨਰਸਰੀ ਸਿੱਖਿਆ ਵਿਚ ਗੁਣਵੱਤਾ ਅਤੇ ਇੱਕਸਾਰਤਾ ਲਿਆਂਦੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਵੀ ਜਾਂਦੇ ਹਨ, ਇਸ ਲਈ ਇਨ੍ਹਾਂ ਸੈਂਟਰਾਂ ਨੂੰ ਸਿਰਫ਼ ਦੇਖਭਾਲ ਹੀ ਨਹੀਂ, ਸਗੋਂ ਗੁਣਵੱਤਾਪੂਰਨ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੂਬੇ 'ਚ ਲਗਭਗ 30 ਲੱਖ ਛੋਟੀ ਉਮਰ ਦੇ ਬੱਚੇ ਹਨ, ਪਰ 24 ਲੱਖ ਬੱਚਿਆਂ ਦੇ ਪੋਸ਼ਣ ਬਾਰੇ ਢੁੱਕਵਾਂ ਡਾਟਾ ਮੌਜੂਦ ਨਹੀਂ ਸੀ | ਇਸ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਨਵਾਂ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਪੋਸ਼ਣ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ 700 ਆਂਗਣਵਾੜੀ ਸੈਂਟਰ ਤਿਆਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੂਲ ਮਕਸਦ ਇਹ ਹੈ ਕਿ ਹਰ ਬੱਚਾ ਪੜਿ੍ਹਆ-ਲਿਖਿਆ ਹੋਵੇ ਅਤੇ ਸੂਬੇ ਭਰ ਵਿਚ ਇੱਕੋ ਜਿਹੀ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇ |