ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਚਮਕੌਰ ਸਿੰਘ, ਵਰਿੰਦਰ ਸਿੰਘ ਤੇ ਬਲਜਿੰਦਰ ਸਿੰਘ ਆਦਿ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ 1 ਅਪ੍ਰੈਲ 2018 ਤੋਂ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨ ਤੇ ਤਨਖ਼ਾਹਾਂ ਨਾ ਘਟਾਉਣ ਦੀ ਮੰਗ ਸਮੇਤ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਯਾਦ ਪੱਤਰ ਸੌਂਪਣਗੇ | ਉਨ੍ਹਾਂ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ 8 ਸਤੰਬਰ ਨੂੰ ਕੈਬਨਿਟ ਮੀਟਿੰਗ ਵਿਚ ਫ਼ੈਸਲਾ ਲੈਣ ਦੇ ਬਾਵਜੂਦ ਵੀ ਪਿਛਲੇ 6 ਮਹੀਨਿਆਂ 'ਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਪੰਜਾਬ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਤਨਖ਼ਾਹਾਂ ਨਾ ਘਟਾਉਣ ਤੇ ਠੋਸ ਫ਼ੈਸਲਾ ਲੈਣ ਦੀ ਹਦਾਇਤ ਦੇਣ ਦੇ ਬਾਵਜੂਦ ਵੀ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ 1 ਅਪ੍ਰੈਲ 2018 ਤੋਂ ਰੈਗੂਲਰ ਕਰਨ ਦੀ ਮੰਗ ਸੰਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤੇ ਆਰਡਰ ਜਾਰੀ ਨਾ ਕੀਤੇ ਤਾਂ ਮੁਲਾਜ਼ਮ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਸੂਬੇ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ |