ਚੰਡੀਗੜ੍ਹ, 25 ਮਾਰਚ (ਸੰਦੀਪ ਕੁਮਾਰ ਮਾਹਨਾ) ਚੰਡੀਗੜ੍ਹ ਵਿਚ ਪ੍ਰਬੰਧਕੀ ਕਮਜ਼ੋਰੀਆਂ ਨੂੰ ਲੈ ਕੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਮੇਅਰ ਸੌਰਭ ਜੋਸ਼ੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪ੍ਰਚਾਰ ਦੀ ਬਜਾਏ ਨਗਰ ਨਿਗਮ ਦੀ ਪ੍ਰਸ਼ਾਸਨਿਕ ਵਿਵਸਥਾ ਮਜ਼ਬੂਤ ਕੀਤੀ ਜਾਵੇ | ਗਾਬੀ ਨੇ ਦੋਸ਼ ਲਗਾਇਆ ਕਿ ਨਗਰ ਨਿਗਮ 'ਚ ਚੀਫ ਇੰਜੀਨੀਅਰ, ਫ਼ਾਇਰ ਅਫ਼ਸਰ ਅਤੇ ਐਸ.ਈ. ਪਬਲਿਕ ਹੈਲਥ ਵਰਗੇ ਅਹਿਮ ਅਹੁਦੇ ਲੰਮੇ ਸਮੇਂ ਤੋਂ ਖਾਲੀ ਪਏ ਹਨ, ਜਿਸ ਕਾਰਨ ਸ਼ਹਿਰ ਦੀਆਂ ਬੁਨਿਆਦੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ | ਇਸ ਗੰਭੀਰ ਮਸਲੇ ਵੱਲ ਧਿਆਨ ਦੇਣ ਦੀ ਬਜਾਏ ਮੇਅਰ ਸਿਰਫ਼ ਦੌਰੇ ਕਰਕੇ ਫੋਟੋ ਖਿੱਚਵਾਉਣ ਅਤੇ ਪ੍ਰਚਾਰ ਕਰਨ ਵਿਚ ਹੀ ਰੂਚੀ ਲੈ ਰਹੇ ਹਨ | ਗਾਬੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨਾਲ ਮੁਲਾਕਾਤ ਕਰਕੇ ਨਗਰ ਨਿਗਮ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਮੰਗ ਕੀਤੀ ਕਿ ਖਾਲੀ ਪਏ ਅਹੁਦਿਆਂ 'ਤੇ ਤੁਰੰਤ ਨਿਯੁਕਤੀਆਂ ਕੀਤੀਆਂ ਜਾਣ ਤਾਂ ਜੋ ਪ੍ਰਸ਼ਾਸਨਿਕ ਕਾਰਗੁਜ਼ਾਰੀ ਸੁਧਾਰੀ ਜਾ ਸਕੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਹ ਅਹੁਦੇ ਨਹੀਂ ਭਰੇ ਜਾਂਦੇ ਤਾਂ ਉਹ ਇਸ ਮਸਲੇ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਅੱਗੇ ਵੀ ਉਠਾਉਣਗੇ |