27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਿੰਡ ਅਮਲਾਲਾ ਵਿਖੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 26-03-2026
ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਅਮਲਾਲਾ ਨੇੜੇ ਵਗਦੇ ਘੱਗਰ ਦਰਿਆ 'ਚ ਦਿਨ-ਰਾਤ ਚੱਲ ਰਹੀ ਰੇਤੇ ਦੀ ਨਾਜਾਇਜ਼ ਮਾਈਨਿੰਗ ਨੇ ਹੁਣ ਜਨਤਕ ਅੰਦੋਲਨ ਦਾ ਰੂਪ ਧਾਰ ਲਿਆ ਹੈ | ਅੱਜ ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਲਾਕੇ ਦੇ ਅੱਧੀ ਦਰਜਨ ਪਿੰਡਾਂ ਦੇ ਸੈਂਕੜੇ ਲੋਕਾਂ ਨੇ ਇਕੱਠੇ ਹੋ ਕੇ ਮਾਈਨਿੰਗ ਮਾਫ਼ੀਆ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ | ਰੋਸ ਪ੍ਰਦਰਸ਼ਨ ਦੌਰਾਨ ਗੁੱਸੇ 'ਚ ਆਏ ਲੋਕਾਂ ਨੇ ਰੇਤ ਨਾਲ ਭਰੇ ਟਿੱਪਰ ਰੋਕ ਕੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਸਿੱਧੇ ਤੌਰ 'ਤੇ ਮੌਜੂਦਾ 'ਆਪ' ਵਿਧਾਇਕ ਕੁਲਜੀਤ ਸਿੰਘ ਰੰਧਾਵਾ 'ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਦੋਸ਼ ਲਗਾਇਆ ਕਿ ਹਲਕੇ 'ਚ ਮਿੱਟੀ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਪੂਰੀ ਤਰ੍ਹਾਂ ਵਿਧਾਇਕ ਦੀ ਸ਼ਹਿ 'ਤੇ ਚੱਲ ਰਹੀ ਹੈ ਅਤੇ ਪ੍ਰਸ਼ਾਸਨ ਸਭ ਕੁਝ ਜਾਣਦੇ ਹੋਏ ਵੀ ਮੂਕ ਦਰਸ਼ਕ ਬਣਿਆ ਬੈਠਾ ਹੈ | ਸੱਤਾਧਾਰੀ ਧਿਰ ਦੇ ਲੋਕ ਮਾਈਨਿੰਗ ਮਾਫ਼ੀਆ ਨਾਲ ਮਿਲ ਕੇ ਕੁਦਰਤੀ ਸ੍ਰੋਤਾਂ ਦੀ ਲੁੱਟ ਕਰ ਰਹੇ ਹਨ | ਇਸ ਮੌਕੇ ਪਿੰਡ ਅਮਲਾਲਾ, ਚਡਿਆਲਾ, ਕਾਰਕੌਰ, ਬਰੌਲੀ ਅਤੇ ਬਹੌੜਾ ਦੇ ਵਸਨੀਕਾਂ ਨੇ ਦੱਸਿਆ ਕਿ ਮਾਈਨਿੰਗ ਦੇ ਭਾਰੀ ਟਿੱਪਰਾਂ ਕਾਰਨ ਘੱਗਰ ਦਰਿਆ 'ਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਬਣਾਇਆ ਗਿਆ ਪੁਲ ਬੁਰੀ ਤਰ੍ਹਾਂ ਨੁਕਸਾਨਿਆ ਜਾ ਚੁੱਕਾ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਮਾਈਨਿੰਗ ਨਾ ਰੁਕੀ ਤਾਂ ਇਲਾਕੇ ਦਾ ਸੰਪਰਕ ਟੁੱਟ ਸਕਦਾ ਹੈ ਅਤੇ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ | ਇਸ ਮੌਕੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਲਹਿਜ਼ੇ 'ਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਇਹ ਨਾਜਾਇਜ਼ ਮਾਈਨਿੰਗ ਬੰਦ ਨਾ ਹੋਈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਚੱਕਾ ਜਾਮ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ |

ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਗਗਨਦੀਪ ਸਿੰਘ ਰੰਧਾਵਾ ਦੀ ਮੌਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਜੰਮੂ-ਕਸ਼ਮੀਰ ਵਿਖੇ ਡਿਊਟੀ 'ਤੇ ਤਾਇਨਾਤ ਲੈਫ਼. ਕਰਨਲ ਦੇ ਬੰਦ ਘਰ 'ਚ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।