27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੁਹਾਲੀ 'ਚ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਰੋਸ ਮਾਰਚ

ਅਜੀਤ ਡੈਸਕ 26-03-2026
ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬ ਨੂੰ ਪੁਲਿਸ ਰਾਜ ਬਣਾਉਣ, ਝੂਠੇ ਪੁਲਿਸ ਮੁਕਾਬਲਿਆਂ, ਨਵੀਂ ਸਿੱਖਿਆ ਨੀਤੀ ਰੱਦ ਕਰਨ ਅਤੇ ਪੰਜਾਬ ਵਾਸੀਆਂ ਲਈ ਨੌਕਰੀਆਂ 'ਚ 90 ਫ਼ੀਸਦੀ ਰਾਖਵਾਂਕਰਨ ਦੇਣ ਦੀ ਮੰਗ ਨੂੰ ਲੈ ਕੇ ਮੁਹਾਲੀ ਦੇ ਫੇਜ਼-8 ਵਿਖੇ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਹੋਈ ਕਸ਼ਮਕੱਸ਼ ਦੌਰਾਨ ਕਈ ਵਿਦਿਆਰਥੀ ਆਗੂਆਂ ਦੀਆਂ ਪੱਗਾਂ ਲੱਥ ਗਈਆਂ | ਇਸ ਮੌਕੇ ਵਿਦਿਆਰਥੀ ਚੰਡੀਗੜ੍ਹ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਨ ਵਿਚ ਅਸਫ਼ਲ ਰਹੇ | ਇਸ ਦੇ ਚਲਦਿਆਂ ਵਿਦਿਆਰਥੀਆਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਹੀ ਧਰਨਾ ਲਗਾ ਕੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਇਸੇ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਯੂਨੀਅਨ ਆਗੂਆਂ ਦੀ ਸਿੱਖਿਆ ਮੰਤਰੀ ਪੰਜਾਬ ਨਾਲ 6 ਅਪ੍ਰੈਲ ਨੂੰ ਮੀਟਿੰਗ ਸੰਬੰਧੀ ਲਿਖਤੀ ਪੱਤਰ ਸੌਂਪੇ ਜਾਣ ਉਪਰੰਤ ਆਗੂਆਂ ਨੇ ਰੋਸ ਰੈਲੀ ਮੁਲਤਵੀ ਕਰ ਦਿੱਤੀ | ਇਸ ਮੌਕੇ ਵਿਦਿਆਰਥੀ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ 6 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਦਿਆਰਥੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੂਬੇ ਦੇ ਵਿਦਿਆਰਥੀਆਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਇਸ ਤੋਂ ਪਹਿਲਾਂ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਰਣਵੀਰ ਕੁਰੜ, ਧੀਰਜ, ਅਮਨਦੀਪ ਸਿੰਘ ਖਿਓਵਾਲੀ ਅਤੇ ਅਮਰ ਕ੍ਰਾਂਤੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਨੂੰ ਨਿਰੋਲ ਪੁਲਿਸ ਰਾਜ ਵਿਚ ਤਬਦੀਲ ਕਰ ਰਹੀ ਹੈ, ਜਿਸ ਦੇ ਤਹਿਤ ਪੰਜਾਬ ਸਰਕਾਰ ਖ਼ਿਲਾਫ਼ ਬੋਲਣ, ਲਿਖਣ ਅਤੇ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਨਾਜਾਇਜ਼ ਗਿ੍ਫ਼ਤਾਰੀਆਂ ਪਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵਲੋਂ ਪੁਲਿਸ ਬਲ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਬੀਤੇ ਦਿਨੀਂ ਜੈਤੋਂ ਵਿਖੇ ਵਿਦਿਆਰਥੀ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈਣ ਦਾ ਅਰਥ ਸਾਫ਼ ਅਤੇ ਸਪੱਸ਼ਟ ਹੈ ਕਿ 'ਆਪ' ਸਰਕਾਰ ਵਿਰੋਧ ਵਾਲੀ ਹਰ ਆਵਾਜ਼ ਨੂੰ ਦਬਾਉਣ ਲਈ ਸੂਬੇ ਵਿਚ ਪੁਲਿਸ ਨੂੰ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਰਲ ਕੇ ਸੂਬੇ ਨੂੰ ਪੁਲਿਸ ਰਾਜ ਬਣਾ ਰਹੀਆਂ ਹਨ |

ਪਿਛਲੀ ਖ਼ਬਰ ਪੁਲਿਸ ਵਲੋਂ 540 ਥਾਵਾਂ 'ਤੇ ਛਾਪੇਮਾਰੀ, 206 ਗਿ੍ਫ਼ਤਾਰ ਅਗਲੀ ਖ਼ਬਰ ਡੇਰਾਬੱਸੀ ਦੇ ਆਦਰਸ਼ ਨਗਰ ਦੇ ਵਸਨੀਕ ਪੀਣ ਵਾਲੇ ਪਾਣੀ ਨੂੰ ਤਰਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।