ਚੰਡੀਗੜ੍ਹ, 25 ਮਾਰਚ (ਕਪਿਲ ਵਧਵਾ) ਚੰਡੀਗੜ੍ਹ ਪੁਲਿਸ ਵਲੋਂ ਹੋਟਲਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਲਾਜ਼ਮੀ ਵੈਰੀਫਿਕੇਸ਼ਨ ਨਾ ਕਰਵਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਹੋਟਲ ਨੋਬਲ ਦੇ ਮੈਨੇਜਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸੈਕਟਰ-36 ਦੀ ਟੀਮ ਵਲੋਂ ਚੈਕਿੰਗ ਦੌਰਾਨ ਪਲਾਟ ਨੰਬਰ 57, ਪਿੰਡ ਕਜਹੇੜੀ, ਸੈਕਟਰ-52 ਚੰਡੀਗੜ੍ਹ ਦੇ ਰਹਿਣ ਵਾਲੇ ਦੀਪਕ ਕੁਮਾਰ, ਜੋ ਕਿ ਪਿੰਡ ਕਜਹੇੜੀ ਸਥਿਤ ਹੋਟਲ ਨੋਬਲ ਦਾ ਮੈਨੇਜਰ ਹੈ, ਕੋਲੋਂ ਪੁੱਛਗਿੱਛ ਕੀਤੀ ਗਈ | ਜਾਂਚ ਦੌਰਾਨ ਪਤਾ ਲੱਗਾ ਕਿ ਹੋਟਲ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਪੁਲਿਸ ਵਰਿਫਿਕੇਸ਼ਨ ਨਹੀਂ ਕਰਵਾਈ ਗਈ ਸੀ, ਜੋ ਕਾਨੂੰਨੀ ਤੌਰ 'ਤੇ ਲਾਜ਼ਮੀ ਹੈ | ਇਸ ਸਬੰਧੀ ਪੁਲਿਸ ਨੇ ਥਾਣਾ ਸੈਕਟਰ-36 ਵਿਖੇ ਬੀ.ਐਨ.ਐਸ. ਦੀ ਧਾਰਾ 223 (ਪਬਲਿਕ ਸਰਵੈਂਟ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ) ਤਹਿਤ ਮਾਮਲਾ ਦਰਜ ਕਰਕੇ ਦੀਪਕ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ | ਬਾਅਦ ਵਿਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਟਲ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਕਰਮਚਾਰੀਆਂ ਦੀ ਵੈਰੀਫਿਕੇਸ਼ਨ ਲਾਜ਼ਮੀ ਤੌਰ 'ਤੇ ਕਰਵਾਉਣ, ਤਾਂ ਜੋ ਕਿਸੇ ਵੀ ਅਪਰਾਧਿਕ ਗਤੀਵਿਧੀ ਤੇ ਕਾਬੂ ਪਾਇਆ ਜਾ ਸਕੇ |