11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ-ਸ਼ੰਟੀ <br/>

ਅਜੀਤ ਡੈਸਕ 28-03-2026
ਐੱਸ. ਏ. ਐੱਸ. ਨਗਰ, 27 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ | ਅੱਜ ਕਮਿਊਨਿਟੀ ਸੈਂਟਰ ਸੈਕਟਰ-69 ਮੁਹਾਲੀ ਵਿਖੇ ਓਪਨ ਹੇਅਰਿੰਗ ਕੈਂਪ ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਐਸ. ਪੀ. ਮੋਹਿਤ ਅਗਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਐਨ. ਜੀ. ਓਜ਼ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਵਟਸਐਪ ਹੈਲਪਲਾਈਨ ਨੰਬਰ 98554-75547 'ਤੇ ਲਿਖਤੀ ਰੂਪ 'ਚ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਜਿਨ੍ਹਾਂ 'ਤੇ ਨਿਰਧਾਰਤ ਸਮੇਂ ਅੰਦਰ ਕਾਰਵਾਈ ਕੀਤੀ ਜਾਂਦੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂਅ 'ਤੇ ਮਿ੍ਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ | ਇਸ ਤੋਂ ਇਲਾਵਾ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ 20 ਬੈੱਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ 'ਚ ਮੋਰਚਰੀ ਤੇ ਐਂਬੂਲੈਂਸ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਪ੍ਰਦਾਨ ਕਰਨਾ ਲਾਜ਼ਮੀ ਹੈ | ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ 'ਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ 'ਐਂਬੂਲੈਂਸ ਪਾਇਲਟ' ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਤਹਿਤ 112 'ਤੇ ਸੰਪਰਕ ਕਰਨ 'ਤੇ ਨੇੜਲੀ ਪੁਲਿਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ 'ਚ ਮਦਦ ਕਰੇਗੀ | ਐਨ. ਜੀ. ਓਜ਼ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ 'ਅੱਖ ਤੇ ਕੰਨ' ਬਣ ਕੇ ਕੰਮ ਕਰਨ ਅਤੇ ਸਮਾਜ 'ਚ ਹੋ ਰਹੀਆਂ ਉਲੰਘਣਾਵਾਂ ਨੂੰ ਸਾਹਮਣੇ ਲਿਆਉਣ 'ਚ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਹੋਰ ਮਜ਼ਬੂਤੀ ਲਈ ਹਰ ਜ਼ਿਲ੍ਹੇ 'ਚ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਕਮਿਸ਼ਨ ਤੱਕ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ | ਮੀਟਿੰਗ ਦੌਰਾਨ ਸਿਹਤ, ਨਗਰ ਨਿਗਮ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ | ਇਸ ਮੌਕੇ ਵਧੀਕ ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ. ਡੀ. ਐਮ. ਦਮਨਦੀਪ ਕੌਰ, ਪਿਆਰਾ ਲਾਲ ਗਰਗ ਸਾਬਕਾ ਚੇਅਰਮੈਨ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ, ਸਾਬਕਾ ਕੌਂਸਲਰ ਸਤਬੀਰ ਸਿੰਘ ਧਨੋਆ ਅਤੇ ਕੌਂਸਲਰ ਕੁਲਦੀਪ ਕੌਰ ਧਨੋਆ ਸਮੇਤ ਰੈਜ਼ੀਡੈਂਟ ਵੈੱਲਫ਼ੇਅਰ ਸੁਸਾਇਟੀ ਸੈਕਟਰ-69 ਦੇ ਮੈਂਬਰ ਵੀ ਹਾਜ਼ਰ ਸਨ |


ਮੁਹਾਲੀ ਦੇ ਸੈਕਟਰ-69 ਸਥਿਤ ਕਮਿਊਨਿਟੀ ਸੈਂਟਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਿਤੇਂਦਰ ਸਿੰਘ ਸ਼ੰਟੀ | ਅਜੀਤ ਤਸਵੀਰ


ਪਿਛਲੀ ਖ਼ਬਰ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੇ 250 ਦੇ ਕਰੀਬ ਸਕੂਲਾਂ ਦੇ ਕੁੱਕ-ਕਮ-ਹੈਲਪਰਾਂ ਨੂੰ ਦੋ ਰੋਜ਼ਾ ਟ੍ਰੇਨਿੰਗ ਕਰਵਾਈ <br/... ਅਗਲੀ ਖ਼ਬਰ ਸੜਕੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਟ੍ਰੈਫ਼ਿਕ ਪੁਲਿਸ ਹੋਈ ਸਖ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।