ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਨੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸ.ਡਬਲਯੂ.ਐਮ) ਨਿਯਮ 2026 ਬਾਰੇ ਵਰਕਸ਼ਾਪ ਕਰਵਾਈ, ਜਿਸ ਦੀ ਪ੍ਰਧਾਨਗੀ ਰੀਨਾ ਗੁਪਤਾ ਅਧਿਕਾਰੀ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਵਲੋਂ ਕੀਤੀ ਗਈ | ਇਸ ਸਿਖਲਾਈ ਪ੍ਰੋਗਰਾਮ 'ਚ 268 ਅਧਿਕਾਰੀ ਸ਼ਾਮਿਲ ਹੋਏ, ਜਿਨ੍ਹਾਂ 'ਚ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਕਾਰਜਕਾਰੀ ਅਧਿਕਾਰੀ, ਐਸ.ਡਬਲਯੂ.ਐਮ ਨੋਡਲ ਅਫਸਰ, ਪ੍ਰੋਗਰਾਮ ਕੋਆਰਡੀਨੇਟਰ, ਸਮਰੱਥਾ ਨਿਰਮਾਣ ਮਾਹਿਰ ਅਤੇ ਪੀ.ਪੀ.ਸੀ.ਬੀ ਦੇ ਅਧਿਕਾਰੀ ਸ਼ਾਮਿਲ ਸਨ | ਸੈਸ਼ਨ ਦੌਰਾਨ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਨਵੇਂ ਰੈਗੂਲੇਟਰੀ ਨਿਯਮਾਂ ਅਧੀਨ ਲੋੜੀਂਦੇ ਲਾਗੂ ਕਰਨ ਢਾਂਚੇ ਬਾਰੇ ਜਾਣਕਾਰੀ ਦਿੱਤੀ ਗਈ | ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਨਵੇਂ ਨੋਟੀਫਾਈ ਕੀਤੇ ਐਸ.ਡਬਲਯੂ.ਐਮ ਨਿਯਮ 2026 ਤਹਿਤ 2016 ਦੇ ਢਾਂਚੇ 'ਚ ਕੀਤੇ ਅਹਿਮ ਅੱਪਡੇਟ ਕੀਤੇ ਗਏ ਹਨ ਅਤੇ ਇਹ 1 ਅਪ੍ਰੈਲ 2026 ਤੋਂ ਲਾਗੂ ਹੋਣਗੇ | ਸੋਧੇ ਹੋਏ ਨਿਯਮਾਂ ਤਹਿਤ ਵਿਗਿਆਨਕ ਢੰਗ ਨਾਲ ਰਹਿੰਦ-ਖੂੰਹਦ ਪ੍ਰਬੰਧਨ, ਸਰੋਤਾਂ 'ਤੇ ਹੀ ਕੂੜੇ ਨੂੰ ਵੱਖ-ਵੱਖ ਕਰਨ ਅਤੇ ਭਾਈਵਾਲਾਂ ਦੀ ਜਵਾਬਦੇਹੀ 'ਚ ਵਾਧਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ | ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਟੀ.ਆਈ.ਈ.ਟੀ.) ਦੇ ਊਰਜਾ ਅਤੇ ਵਾਤਾਵਰਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਧਮੋਧਰਨ ਕੇ. ਨੇ ਦੋ ਘੰਟੇ ਦੇ ਸੈਸ਼ਨ ਦਾ ਸੰਚਾਲਨ ਕੀਤਾ, ਜਿਸ 'ਚ ਉਨ੍ਹਾਂ ਨੇ ਮੁੱਖ ਪ੍ਰਬੰਧਾਂ 2016 ਦੇ ਨਿਯਮਾਂ 'ਚ ਢਾਂਚਾਗਤ ਤਬਦੀਲੀਆਂ ਅਤੇ ਲਾਗੂ ਕਰਨ ਸਬੰਧੀ ਵਿਹਾਰਕ ਚੁਣੌਤੀਆਂ ਬਾਰੇ ਚਰਚਾ ਕੀਤੀ | ਇਸ ਤੋਂ ਇਲਾਵਾ ਪੀ.ਪੀ.ਸੀ.ਬੀ ਦੇ ਸਹਾਇਕ ਵਾਤਾਵਰਨ ਇੰਜੀਨੀਅਰ ਅਕਸ਼ਿਤ ਕਪਿਲ ਨੇ ਇਕ ਸੈਸ਼ਨ ਦੌਰਾਨ ਸੋਧੇ ਗਏ ਨਿਯਮਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ