ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ) - ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ | ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਭਾਗ ਅਤੇ ਯੂਨੀਅਨਾਂ ਦਰਮਿਆਨ ਸਾਰਥਕ ਚਰਚਾ ਹੋਈ | ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ 'ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ, ਜਦਕਿ ਹੋਰ ਮਸਲਿਆਂ ਨੂੰ ਸਰਕਾਰ ਪੱਧਰ 'ਤੇ ਟੇਕ-ਅੱਪ ਕਰਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਗੁਰਕੀਰਤ ਕਿ੍ਪਾਲ ਸਿੰਘ, ਡਾਇਰੈਕਟਰ ਬੀਬਾ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰਾਂ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |