29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਏਮਜ਼ ਮੁਹਾਲੀ ਦੇ ਨਰਸਿੰਗ ਸਟਾਫ਼ ਵਲੋਂ 4600 ਗ੍ਰੇਡ ਪੇ ਦੇਣ ਦੀ ਮੰਗ ਨੂੰ ਲੈ ਕੇ ਰੋਸ ਮਾਰਚ

ਅਜੀਤ ਡੈਸਕ 01-04-2026
ਐੱਸ. ਏ. ਐੱਸ. ਨਗਰ, 31 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ 'ਚ ਪੰਜਾਬ ਦੇ ਮੈਡੀਕਲ ਕਾਲਜਾਂ ਦੇ ਨਰਸਿੰਗ ਸਟਾਫ਼ ਵਲੋਂ 4600 ਗ੍ਰੇਡ ਪੇ ਦੇਣ ਦੀ ਮੰਗ ਨੂੰ ਲੈ ਕੇ ਏਮਜ਼ ਮੁਹਾਲੀ ਵਿਖੇ ਅੱਜ 6ਵੇਂ ਦਿਨ ਵੀ ਹੜਤਾਲ ਜਾਰੀ ਰਹੀ | ਇਸ ਮੌਕੇ ਨਰਸਿੰਗ ਕੇਡਰ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ ਗਿਆ ਅਤੇ ਥਾਲੀਆਂ ਵਜਾ ਕੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਉਹ ਆਮ ਜਨਤਾ ਨੂੰ ਸਿਹਤ ਸੇਵਾਵਾਂ ਦੇਣ 'ਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਹੀਂ ਪਾਉਣਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੰਮ ਛੱਡ ਕੇ ਧਰਨੇ 'ਤੇ ਬੈਠਣਾ ਪੈ ਰਿਹਾ ਹੈ | ਆਗੂਆਂ ਨੇ ਕਿਹਾ ਕਿ ਉਹ ਪਿਛਲੇ 5-6 ਸਾਲਾਂ ਤੋਂ ਨਰਸਿੰਗ ਸਟਾਫ਼ ਨੂੰ 4600 ਗ੍ਰੇਡ ਪੇ ਦੇਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗ਼ੈਰ-ਸੰਵਿਧਾਨਕ ਢੰਗ ਨਾਲ ਘਟਾਏ ਗਏ ਗ੍ਰੇਡ ਪੇ ਸੰਬੰਧੀ ਵੱਖ-ਵੱਖ ਸਰਕਾਰਾਂ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਉਨ੍ਹਾਂ ਦੀਆਂ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਨਾ ਤਾਂ ਪਿਛਲੀਆਂ ਸਰਕਾਰਾਂ ਅਤੇ ਨਾ ਹੀ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਮੰਗ ਦਾ ਕੋਈ ਹੱਲ ਕੱਢਿਆ | ਅੱਜ ਧਰਨੇ ਨੂੰ ਸਮਰਥਨ ਦੇਣ ਲਈ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਰੋਸ ਮਾਰਚ 'ਚ ਸ਼ਾਮਿਲ ਹੋਏ | ਇਸੇ ਦੌਰਾਨ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਗੁਰਜੀਤ ਘੱਗਾ ਤੇ ਹਰਦੀਪ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਦੀਦਾਰ ਸਿੰਘ ਬੋਲੂਮਾਜਰਾ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਨਰਸਿੰਗ ਸਟਾਫ਼ ਦੀ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਦੋ ਕੰਸਲਟੈਂਟ ਫਰਮਾਂ ਦੇ ਲਾਇਸੰਸ ਰੱਦ ਅਗਲੀ ਖ਼ਬਰ ਮੁਫਤ ਜਾਂਚ ਤੇ ਆਯੁਰਵੈਦਿਕ ਦਵਾਈਆਂ ਦਾ ਲੰਗਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।