ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਵਾ. ਨੰ. 41 ਤੋਂ ਜੇਤੂ ਰਹੇ ਭਾਜਪਾ ਦੇ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਵਸਨੀਕਾਂ ਨੇ ਹਾਜ਼ਰੀ ਭਰਦਿਆਂ ਗੁਰਪ੍ਰੀਤ ਕੌਰ ਉੱਭਾ ਨੂੰ ਜਿੱਤ ਲਈ ਵਧਾਈ ਦਿੰਦਿਆਂ ਆਪਣੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਸਮਾਰੋਹ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਵਲੋਂ ਮਿਲਿਆ ਪਿਆਰ ਅਤੇ ਵਿਸ਼ਵਾਸ ਉਨਾਂ ਲਈ ਇਕ ਵੱਡੀ ਜ਼ਿੰਮੇਵਾਰੀ ਹੈ | ਉਨਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਖ਼ਾਸ ਕਰਕੇ ਨਹਿਰੀ ਪਾਣੀ ਦੀ ਸਪਲਾਈ, ਬੇਸਮੈਂਟ ਦੀ ਪੁਜੈਸ਼ਨ, ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ, ਸਫ਼ਾਈ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਸੰਬੰਧਿਤ ਅਧਿਕਾਰੀਆਂ ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ | ਉਨਾਂ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਨਿਯਮਿਤ ਤੌਰ 'ਤੇ ਨਿਵਾਸੀਆਂ ਨਾਲ ਸੰਪਰਕ ਵਿਚ ਰਹਿਣਗੇ ਅਤੇ ਹਰ ਜਾਇਜ਼ ਮੰਗ ਨੂੰ ਪੂਰਾ ਕਰਵਾਉਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਹਰਦੇਵ ਸਿੰਘ ਉੱਭਾ ਸੂਬਾਈ ਪ੍ਰੈੱਸ ਸਕੱਤਰ ਭਾਜਪਾ ਪੰਜਾਬ ਨੇ ਕਿਹਾ ਕਿ ਪੂਰਬ ਪ੍ਰੀਮੀਅਮ ਅਪਾਰਟਮੈਂਟ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ |