ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਰਾਏਪੁਰ ਕਲਾਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਕਸਿਤ ਕਾਲੋਨੀਆਂ ਅਤੇ ਹਾਊਸਿੰਗ ਪ੍ਰਾਜੈਕਟਾਂ ਨਾਲ ਚਾਰੇ ਪਾਸਿਆਂ ਤੋਂ ਘਿਰਿਆ ਇਹ ਪਿੰਡ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ ਅਤੇ ਲੋਕ ਬਹੁਤ ਮਾੜੇ ਹਾਲਾਤਾਂ 'ਚ ਜੀਵਨ ਬਤੀਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਐਮ.ਜੀ.ਐਫ. ਪ੍ਰਾਜੈਕਟ ਵਲੋਂ ਇਸ ਪਿੰਡ ਨੂੰ ਸਾਲ 2006 'ਚ ਗੋਦ ਲਿਆ ਗਿਆ ਸੀ, ਪਰ ਪਿਛਲੇ ਲਗਭਗ 20 ਸਾਲਾਂ ਦੌਰਾਨ ਪਿੰਡ ਦੇ ਵਿਕਾਸ ਲਈ ਢੁਕਵੇਂ ਕਦਮ ਨਹੀਂ ਚੁੱਕੇ ਗਏ | ਉਨ੍ਹਾਂ ਕਿਹਾ ਕਿ ਪਿੰਡ 'ਚ ਗੰਦੇ ਪਾਣੀ ਦੀ ਨਿਕਾਸੀ ਲਈ ਕੋਈ ਢੰਗ ਦੀ ਵਿਵਸਥਾ ਨਹੀਂ ਹੈ, ਜਿਸ ਕਾਰਨ ਚਾਰੇ ਪਾਸੇ ਗੰਦਗੀ ਅਤੇ ਬਦਬੂ ਫੈਲੀ ਹੋਈ ਹੈ | ਉਨ੍ਹਾਂ ਦੱਸਿਆ ਕਿ ਐਮ.ਜੀ.ਐਫ. ਵਲੋਂ ਲਗਾਏ ਗਏ ਐਸ.ਟੀ.ਪੀ. ਤੋਂ ਨਿਕਲਣ ਵਾਲੇ ਪਾਣੀ ਦੀ ਨਿਕਾਸੀ ਲਈ ਵੀ ਕੋਈ ਪੱਕਾ ਪ੍ਰਬੰਧ ਨਹੀਂ ਹੈ, ਜਿਸ ਕਾਰਨ ਗੰਦਾ ਪਾਣੀ ਪਿੰਡ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਖੜ੍ਹਾ ਰਹਿੰਦਾ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ 'ਚ ਕੋਈ ਛੱਪੜ ਵੀ ਨਹੀਂ ਬਚਿਆ, ਜਿਥੇ ਕਿ ਵਾਧੂ ਪਾਣੀ ਦੀ ਨਿਕਾਸੀ ਹੋ ਸਕੇ | ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਗਮਾਡਾ ਦੇ ਅਧਿਕਾਰੀਆਂ ਨੂੰ ਲਿਖਤੀ ਰੂਪ 'ਚ ਜਾਣੂ ਕਰਵਾਉਂਦਿਆਂ ਮੰਗ ਕੀਤੀ ਹੈ ਕਿ ਪਿੰਡ ਦੇ ਵਿਕਾਸ ਅਤੇ ਗੰਦੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਐਮ.ਜੀ.ਐਫ. ਪ੍ਰਾਜੈਕਟ ਦੇ ਪ੍ਰਬੰਧਕਾਂ ਨੂੰ ਵੀ ਆਪਣੇ ਵਾਅਦਿਆਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਪਿੰਡ ਦੇ ਵਿਕਾਸ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ ਨੇ ਜਲਦ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਪਿੰਡ ਵਾਸੀਆਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ | ਇਸ ਮੌਕੇ ਪਿੰਡ ਦੇ ਸਰਪੰਚ ਲਖਬੀਰ ਸਿੰਘ ਤੇ ਪੰਚ ਸਲੀਮ ਖਾਨ ਮੰਗਾਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |