ਚੰਡੀਗੜ੍ਹ, 2 ਜੂਨ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਰਵਾਇਤੀ ਭੂਮੀਗਤ ਤੰਦੂਰਾਂ ਨਾਲ ਜੁੜੇ ਮਜ਼ਦੂਰਾਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਆਪਣੀਆਂ ਸਮੱਸਿਆਵਾਂ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਨਾ ਮਿਲਣ ਦੇ ਮਸਲਿਆਂ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨਾਲ ਮੁਲਾਕਾਤ ਕੀਤੀ | ਤੰਦੂਰ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਧਿਆਨ ਨਾਲ ਸੁਣਨ ਉਪਰੰਤ ਮੇਅਰ ਨੇ ਭਰੋਸਾ ਦਿੱਤਾ ਕਿ ਯੋਗ ਤੰਦੂਰ ਮਜ਼ਦੂਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਉਚਿੱਤ ਉਪਰਾਲੇ ਕੀਤੇ ਜਾਣਗੇ | ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਭੂਮੀਗਤ ਤੰਦੂਰ ਪਿਛਲੇ 60 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਹ ਸ਼ਹਿਰ ਦੀ ਰਵਾਇਤੀ ਖਾਣ-ਪੀਣ ਸੰਸਕਿ੍ਤੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਸੈਕਟਰਾਂ 'ਚ ਸਥਿਤ ਇਹ ਤੰਦੂਰ ਅੱਜ ਵੀ ਲੋਕਾਂ ਨੂੰ ਘੱਟ ਖ਼ਰਚ 'ਤੇ ਰਵਾਇਤੀ ਢੰਗ ਨਾਲ ਭੋਜਨ ਤਿਆਰ ਕਰਨ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ | ਯੂਨੀਅਨ ਆਗੂਆਂ ਨੇ ਮੇਅਰ ਨੂੰ ਦੱਸਿਆ ਕਿ ਸਮਾਜ ਤੇ ਸ਼ਹਿਰ ਦੀ ਵਿਰਾਸਤ ਲਈ ਯੋਗਦਾਨ ਪਾਉਣ ਦੇ ਬਾਵਜੂਦ ਕਈ ਤੰਦੂਰ ਮਜ਼ਦੂਰਾਂ ਨੂੰ ਅਜੇ ਤੱਕ ਪੁਨਰਵਾਸ ਤੇ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸਾਲ 2014 ਤੋਂ ਸਟਰੀਟ ਵੈਂਡਰ ਨੀਤੀ ਲਾਗੂ ਹੋਣ ਦੇ ਬਾਵਜੂਦ ਕਈ ਭੂਮੀਗਤ ਤੰਦੂਰ ਮਜ਼ਦੂਰ ਇਸ ਦੇ ਲਾਭਾਂ ਤੋਂ ਵਾਂਝੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਚੰਡੀਗੜ੍ਹ 'ਚ 18 ਭੂਮੀਗਤ ਤੰਦੂਰ ਸਰਗਰਮ ਹਨ ਅਤੇ ਸਾਰੇ ਮਜ਼ਦੂਰ ਸਫ਼ਾਈ, ਕੂੜਾ-ਕਰਕਟ ਨਿਪਟਾਰੇ ਤੇ ਵਾਤਾਵਰਨ ਸੁਰੱਖਿਆ ਸਬੰਧੀ ਨਿਯਮਾਂ ਦੀ ਪੂਰੀ ਪਾਲਣਾ ਕਰ ਰਹੇ ਹਨ | ਇਸ ਦੇ ਬਾਵਜੂਦ ਕਈ ਯੋਗ ਮਜ਼ਦੂਰ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਆਯੁਸ਼ਮਾਨ ਭਾਰਤ ਯੋਜਨਾ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਨਹੀਂ ਲੈ ਸਕੇ | ਉਨ੍ਹਾਂ ਭਰੋਸਾ ਦਿੱਤਾ ਕਿ ਤੰਦੂਰ ਮਜ਼ਦੂਰਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਅਤੇ ਹੋਰ ਧਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |