03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਹੀਦੀ ਦਿਹਾੜੇ ਮੌਕੇ ਪੰਚਕੂਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਕਸਿਤ ਭਾਰਤ ਦੇ ਨਿਰਮਾਣ ਲਈ ਸਭ ਤੋਂ ਵੱਡੀ ਪ੍ਰੇਰਨਾ : ਨਾਇਬ ਸਿੰਘ ਸੈਣੀ

ਅਜੀਤ ਡੈਸਕ 19-06-2026
ਪੰਚਕੂਲਾ, 18 ਜੂਨ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਲਿਦਾਨ ਭਾਰਤੀ ਇਤਿਹਾਸ ‘ਚ ਸੱਚ, ਧਰਮ, ਮਨੁੱਖਤਾ ਤੇ ਅਧਿਆਤਮਕ ਸ਼ਕਤੀ ਦੀ ਵਿਲੱਖਣ ਮਿਸਾਲ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਹਰਿਆਣਾ ਸਰਕਾਰ ਵਲੋਂ ‘ਸੰਤ ਮਹਾਂਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ’ ਤਹਿਤ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਮਨਸਾ ਦੇਵੀ
ਅਤੇ ਨਾਢਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਏ ਇਸ ਸਮਾਗਮ ‘ਚ ਸ਼ਾਮਿਲ ਹੋ ਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨ੍ਹਾਂ ਗੁਰੂ ਅਰਜਨ ਦੇਵ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਲਿਦਾਨ ਸਿਰਫ਼ ਸਿੱਖ ਸਮਾਜ ਦੀ ਵੱਡਮੁੱਲੀ ਅਮਾਨਤ ਨਹੀਂ, ਸਗੋਂ ਪੂਰੇ ਰਾਸ਼ਟਰ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਲਿਦਾਨ ਇਸ ਮਹਾਨ ਪ੍ਰੰਪਰਾ ਦੀ ਸਰਵੋਤਮ ਮਿਸਾਲ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮਾਜ ਨੂੰ ਜੋੜਨ ਅਤੇ ਮਨੁੱਖਤਾ ਨੂੰ ਇਕ ਧਾਗੇ ‘ਚ ਪ੍ਰੋਣ ਦਾ ਮਹਾਨ ਕਾਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਅੱਠਵੀਂ ਜਮਾਤ ਦੇ ਇਤਿਹਾਸ ਦੇ ਪਾਠਕ੍ਰਮ ‘ਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਸ਼ਾਮਿਲ ਕੀਤਾ ਹੈ ਅਤੇ ਹੁਣ ਵਿਦਿਆਰਥੀ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਤਿਆਗ, ਬਲਿਦਾਨ ਅਤੇ ਆਦਰਸ਼ਾਂ ਦਾ ਵੀ ਅਧਿਐਨ ਕਰਨਗੇ। ਇਸ ਮੌਕੇ ਗੁਰੂ ਅਰਜਨ ਦੇਵ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ, ਉਪਰੰਤ ਮੁੱਖ ਮੰਤਰੀ ਸੈਣੀ ਨੇ ਛਬੀਲ ਦੌਰਾਨ ਹੋਰਨਾਂ ਸੇਵਾਦਾਰਾਂ ਨਾਲ ਮਿਲ ਕੇ ਸੇਵਾ ਕੀਤੀ। ਸਮਾਗਮ ‘ਚ ਹਰਿਆਣਾ ਅਤੇ ਪੰਜਾਬ ਤੋਂ ਪੁੱਜੇ ਸੰਤਾਂ-ਮਹਾਂਪੁਰਸ਼ਾਂ ਨੇ ਹਰਿਆਣਾ ਸਰਕਾਰ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਗਿਆਨੀ ਹਰਪ੍ਰੀਤ ਸਿੰਘ, ਡਾ. ਪ੍ਰਭਲੀਨ ਸਿੰਘ, ਗੁਰਮੀਤ ਸਿੰਘ, ਗਿਆਨਚੰਦ ਗੁਪਤਾ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਸਮੇਤ ਵੱਡੀ ਗਿਣਤੀ ‘ਚ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਸੁਖਨਾ ਚੋਅ ’ਤੇ ਬਣ ਰਹੇ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਵੱਖ-ਵੱਖ ਗੁਰੂ-ਘਰਾਂ ’ਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।