06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਮੇਅਰ ਦਾ ਅਚਨਚੇਤ ਦੌਰਾ

ਅਜੀਤ ਡੈਸਕ 26-06-2026
ਚੰਡੀਗੜ੍ਹ, 25 ਜੂਨ (ਸੰਦੀਪ ਕੁਮਾਰ ਮਾਹਨਾ) – ਨਗਰ ਨਿਗਮ ਦੇ ਕੰਮਕਾਜ ’ਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਅੱਜ ਸਵੇਰੇ ਵੱਖ-ਵੱਖ ਨਿਗਮ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਰਮਚਾਰੀਆਂ ਦੀ ਹਾਜ਼ਰੀ, ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਸਫ਼ਾਈ ਪ੍ਰਬੰਧਾਂ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋਕ-ਹਿੱਤ ਦੇ ਕੰਮਾਂ ਵਿਚ ਕਿਸੇ ਵੀ ਤਰਾਂ ਦੀ ਢਿੱਲ ਨਾ ਵਰਤਣ ਦੀ ਹਦਾਇਤ ਕੀਤੀ। ਨਿਰੀਖਣ ਦੌਰਾਨ ਮੇਅਰ ਨੇ ਵੱਖ-ਵੱਖ ਸ਼ਾਖਾਵਾਂ ’ਚ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦਫ਼ਤਰਾਂ ਵਿਚ ਸਫ਼ਾਈ ਪ੍ਰਬੰਧਾਂ, ਜਨਤਾ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਅਤੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਬਰੀਕੀ ਨਾਲ ਮੁਲਾਂਕਣ ਕੀਤਾ। ਸੌਰਭ ਜੋਸ਼ੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਲਈ ਹਰੇਕ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਾ ਚਾਹੀਦਾ ਹੈ। ਮੇਅਰ ਨੇ ਕੁੱਝ ਥਾਵਾਂ ’ਤੇ ਦੇਰੀ ਨਾਲ ਪਹੁੰਚਣ ਵਾਲੇ ਕਰਮਚਾਰੀਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਮੇਂ ਦੀ ਪਾਬੰਦੀ ਸਰਕਾਰੀ ਕੰਮਕਾਜ ਦਾ ਅਹਿਮ ਹਿੱਸਾ ਹੈ ਅਤੇ ਇਸ ’ਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਕੰਮਾਂ ਵਿਚ ਬੇਲੋੜੀ ਦੇਰੀ ਅਤੇ ਅਣਗਹਿਲੀ ਲੋਕਾਂ ਦੇ ਭਰੋਸੇ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਵਿਭਾਗ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ’ਚ ਹਾਜ਼ਰੀ ਅਤੇ ਕੰਮਕਾਜ ਦੀ ਨਿਯਮਤ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਨਾਲ ਨਿਮਰਤਾ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣਾ ਹਰ ਕਰਮਚਾਰੀ ਦੀ ਜ਼ਿੰਮੇਵਾਰੀ ਹੈ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ-ਕੇਂਦ੍ਰਿਤ ਪ੍ਰਸ਼ਾਸਨ ਲਈ ਵਚਨਬੱਧ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਦਤਨ ਦੇਰੀ ਨਾਲ ਆਉਣ, ਲਾਪਰਵਾਹੀ ਵਰਤਣ ਜਾਂ ਲੋਕਾਂ ਦੇ ਕੰਮਾਂ ਵਿਚ ਬੇਵਜਾ ਰੁਕਾਵਟ ਪੈਦਾ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੌਰਭ ਜੋਸ਼ੀ ਨੇ ਕਿਹਾ ਕਿ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਲਈ ਅਜਿਹੇ ਅਚਨਚੇਤ ਨਿਰੀਖਣ ਭਵਿੱਖ ’ਚ ਵੀ ਨਿਯਮਤ ਤੌਰ ’ਤੇ ਜਾਰੀ ਰਹਿਣਗੇ।
ਪਿਛਲੀ ਖ਼ਬਰ ਡੇਰਾਬੱਸੀ ਸੈਣੀ ਭਵਨ ’ਤੇ ਨਗਰ ਕੌਂਸਲ ਦੇ ਨਾਜਾਇਜ਼ ਕਬਜ਼ੇ ਸਬੰਧੀ ਸੈਣੀ ਭਲਾਈ ਬੋਰਡ ਅਤੇ ਸੈਣੀ ਯੂਥ ਫੈਡਰੇਸ਼ਨ ਵਲੋਂ ਅਹਿਮ... ਅਗਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 53 ’ਚ ਕੂੜਾ ਸਾੜਨ ਦੀ ਸਮੱਸਿਆ ਨੂੰ ਲੈ ਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਨਗਰ ਨਿਗਮ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।