06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਇਕਬਾਲ ਸਿੰਘ ਲਾਲਪੁਰਾ ਤੇ ਕੇਂਦਰੀ ਟੀਮ ਵਲੋਂ ਹਲਕਾ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਅਜੀਤ ਡੈਸਕ 15-07-2026
ਜ਼ੀਰਕਪੁਰ, 14 ਜੁਲਾਈ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ‘ਚ ਘੱਗਰ ਬੰਨ੍ਹ ਅਤੇ ਕਾਜ਼ਵੇਅ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਅੱਜ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਤੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਸੰਜੀਵ ਖੰਨਾ ਸਮੇਤ ਖੇਤਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਵਲੋਂ ਪਿੰਡ ਭਾਂਖਰਪੁਰ ਵਿਖੇ ਘੱਗਰ ਬੰਨ੍ਹ, ਮੁਬਾਰਕਪੁਰ ਕਾਜ਼ਵੇਅ ਤੇ ਲਾਲੜੂ ਦੇ ਪਿੰਡ ਟਿਵਾਣਾ ਨੇੜੇ ਘੱਗਰ ਬੰਨ੍ਹ ਦੀ ਸਥਿਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਉਪਰੰਤ ਸਥਿਤ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਆਖਿਆ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਕਾਰਨ ਪਿੰਡ ਭਾਂਖਰਪੁਰ ਦਾ ਬੰਨ੍ਹ ਬਿਲਕੁੱਲ ਟੁੱਟਣ ਕਿਨਾਰੇ ਪਹੁੰਚ ਗਿਆ ਸੀ, ਪਰ ਪਿੰਡ ਵਾਸੀਆਂ ਦੀ ਮੁਸ਼ਤੈਦੀ ਤੇ ਸੂਝ- ਬੂਝ ਸਦਕਾ ਵੱਡਾ ਨੁਕਸਾਨ ਹੋਣੋਂ ਬਚ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਮੁਬਾਰਕਪੁਰ ਕਾਜ਼ਵੇਅ ਦਾ ਵੀ ਭਾਰੀ ਨੁਕਸਾਨ ਹੋਇਆ ਸੀ ਤੇ ਪਿੰਡ ਟਿਵਾਣਾ ਵਿਖੇ ਬੰਨ੍ਹ ਟੁੱਟਣ ਕਾਰਨ ਖੇਤਾਂ ‘ਚ ਗਾਰ ਭਰ ਗਈ ਸੀ ਤੇ ਲੋਕਾਂ ਦੇ ਘਰਾਂ ‘ਚ ਪਾਣੀ ਵੜ੍ਹ ਗਿਆ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਮਾਲੀ ਨੁਕਸਾਨ ਝੱਲਣਾ ਪਿਆ ਸੀ। ਸਾਬਕਾ ਚੇਅਰਮੈਨ ਲਾਲਪੁਰਾ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਹੁਣ ਫ਼ਿਰ ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਪਰ ਪ੍ਰਸ਼ਾਸਨ ਵਲੋਂ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਲਈ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ ਅਤੇ ਇਨ੍ਹਾਂ ਦਾ ਹਾਲ ਅਜੇ ਵੀ ਪਹਿਲਾਂ ਵਰਗਾ ਹੀ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਬੰਨ੍ਹਾਂ ਦੀ ਮੁਰੰਮਤ ਦੇ ਨਾਂਅ ‘ਤੇ ਸਿਰਫ਼ ਖਾਨਾਪੂਰਤੀ ਕੀਤੀ ਗਈ ਹੈ ਅਤੇ ਜ਼ਮੀਨੀ ਪੱਧਰ ‘ਤੇ ਕੋਈ ਠੋਸ ਕੰਮ ਕੀਤਾ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਸਾਰੀ ਸਥਿਤੀ ਦੀ ਇਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਸੌਂਪਣਗੇ ਤਾਂ ਜੋ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ।
ਡੀ-ਸਿਲਟਿੰਗ ਦੇ ਨਾਂਅ ‘ਤੇ ਹੋ ਰਹੀ ਮਾਈਨਿੰਗ ਦਾ ਮੁੱਦਾ ਚੁੱਕਿਆ
ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਪਿੰਡ ਟਿਵਾਣਾ ਦਾ ਦੌਰਾ ਕੀਤਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਥੇ ਹੜ੍ਹ ਰੋਕੂ ਪ੍ਰਬੰਧ ਜਾਂ ਬੰਨ੍ਹ ਮਜ਼ਬੂਤ ਕਰਨ ਦੀ ਬਜਾਏ ਨਦੀ ‘ਚੋਂ ਡੀ-ਸਿਲਟਿੰਗ ਦੇ ਨਾਂਅ ਹੇਠ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ, ਜੋ ਕਿ ਆਉਣ ਵਾਲੇ ਦਿਨਾਂ ‘ਚ ਪਿੰਡ ਵਾਸੀਆਂ ਲਈ ਹੋਰ ਵੀ ਵੱਡਾ ਖ਼ਤਰਾ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪਿੰਡ ਅਮਲਾਲਾ ਦੀ ਕਰੀਬ 35 ਏਕੜ ਜ਼ਮੀਨ ਪਾਣੀ ‘ਚ ਰੁੜ੍ਹ ਗਈ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਸਮੇਤ ਹੋਰ ਸਥਾਨਕ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਅਧਿਆਪਕ ਐਸੋਸੀਏਸ਼ਨ ਦੇ ਵਫ਼ਦ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਏ. ਐੱਸ. ਪੀ. ਵਲੋਂ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।