14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਇੱਕੋ ਪੋਰਟਲ ’ਤੇ ਮਿਲਣਗੀਆਂ ਜ਼ਮੀਨ ਨਾਲ ਸੰਬੰਧਿਤ ਸੇਵਾਵਾਂ

ਅਜੀਤ ਡੈਸਕ 22-07-2026
ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਦੇ ਲੋਕਾਂ ਨੂੰ ਜ਼ਮੀਨ ਤੇ ਜਾਇਦਾਦ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਇੱਕੋ ਡਿਜ਼ੀਟਲ ਪਲੇਟਫਾਰਮ ‘ਤੇ ਉਪਲਬਧ ਕਰਵਾਉਣ ਲਈ ਚੱਲ ਰਹੇ ਲੈਂਡਸਟੈਕ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਮਕਸਦ ਨਾਲ ਮੁੱਖ ਸਕੱਤਰ ਹਰਿ ਰਾਜੇਸ਼ ਪ੍ਰਸਾਦ ਨੇ ਉੱਚ ਪੱਧਰੀ ਮੀਟਿੰਗ ਦੌਰਾਨ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਕਸ਼ਾ ਪਾਇਲਟ ਪ੍ਰੋਗਰਾਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਸਮੀਖਿਆ ਮੀਟਿੰਗ ‘ਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਦੀਪ੍ਰਵਾ ਲਾਕੜਾ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਿਰਦੇਸ਼ਕ ਰਾਜੀਵ ਤਿਵਾੜੀ, ਨੈਸ਼ਨਲ ਇਨਫਾਰਮੈਟਿਕਸ ਸੈਂਟਰ ਦੇ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਲੈਂਡਸਟੈਕ ਪ੍ਰਾਜੈਕਟ ਤਹਿਤ ਵੱਖ-ਵੱਖ ਵਿਭਾਗਾਂ ਦੇ ਜ਼ਮੀਨ ਨਾਲ ਸਬੰਧਿਤ ਰਿਕਾਰਡਾਂ ਦੇ ਏਕੀਕਰਨ, ਜ਼ਮੀਨੀ ਰਿਕਾਰਡਾਂ ਦੇ ਡਿਜ਼ੀਟਲੀਕਰਨ, ਜੀ.ਆਈ.ਐੱਸ. ਆਧਾਰਿਤ ਮੈਪਿੰਗ, ਮਾਲਕੀ ਰਿਕਾਰਡਾਂ ਦੀ ਜਾਂਚ ਅਤੇ ਲੈਂਡਸਟੈਕ ਪੋਰਟਲ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਆਨਲਾਈਨ ਸੇਵਾਵਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਈ ਵਿਭਾਗਾਂ ਦੇ ਰਿਕਾਰਡਾਂ ਨੂੰ ਇੱਕੋ ਡਿਜ਼ੀਟਲ ਪਲੇਟਫਾਰਮ ‘ਤੇ ਜੋੜਨ ਦਾ ਕੰਮ ਨਿਰਧਾਰਤ ਯੋਜਨਾ ਅਨੁਸਾਰ ਜਾਰੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਲੈਂਡਸਟੈਕ ਪ੍ਰਾਜੈਕਟ ਜ਼ਮੀਨੀ ਪ੍ਰਬੰਧਨ ਪ੍ਰਣਾਲੀ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣ ਵੱਲ ਇੱਕ ਮਹੱਤਵਪੂਰਨ ਪਹਿਲ ਹੈ। ਇਸ ਦੇ ਮੁਕੰਮਲ ਹੋਣ ਉਪਰੰਤ ਨਾਗਰਿਕਾਂ ਨੂੰ ਇੱਕੋ ਪੋਰਟਲ ਰਾਹੀਂ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਿਤ ਜਾਣਕਾਰੀ ਅਤੇ ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਚੱਕਰ ਘੱਟਣਗੇ। ਉਨ੍ਹਾਂ ਜਾਇਦਾਦ ਨਾਲ ਸਬੰਧਿਤ ਯੂਟਿਲਿਟੀ ਸੇਵਾਵਾਂ ਨੂੰ ਵੀ ਲੈਂਡਸਟੈਕ ਪੋਰਟਲ ਨਾਲ ਜੋੜਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਚੰਡੀਗੜ੍ਹ ਡਿਜ਼ੀਟਲ ਭੂਮੀ ਪ੍ਰਬੰਧਨ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸ਼ਾਮਲ ਹੋਵੇਗਾ।ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਮਿਸ਼ਨ ਮੋਡ ਵਿਚ ਕੰਮ ਜਾਰੀ ਰੱਖਣ ਅਤੇ ਲੈਂਡਸਟੈਕ ਪ੍ਰਾਜੈਕਟ ਅਤੇ ਨਕਸ਼ਾ ਪਾਇਲਟ ਪ੍ਰੋਗਰਾਮ ਨੂੰ ਨਿਰਧਾਰਤ ਸਮੇਂ ਅੰਦਰ ਸਫਲਤਾਪੂਰਵਕ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਦੋਵੇਂ ਪ੍ਰਾਜੈਕਟਾਂ ਵਿਚ ਮਹੱਤਵਪੂਰਨ ਪ੍ਰਗਤੀ ਹੋਈ ਹੈ ਅਤੇ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਨਿਰਧਾਰਤ ਸਮੇਂ ਅੰਦਰ ਬਾਕੀ ਕੰਮ ਮੁਕੰਮਲ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਪਾਰਦਰਸ਼ੀ, ਆਧੁਨਿਕ ਅਤੇ ਨਾਗਰਿਕ-ਪੱਖੀ ਡਿਜ਼ੀਟਲ ਭੂਮੀ ਪ੍ਰਬੰਧਨ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਕਿਸਾਨਾਂ ਦਾ ਉਜਾੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਚੰਦੂਮਾਜਰਾ ਅਗਲੀ ਖ਼ਬਰ ਬੰਦ ਘਰ ’ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਘਰ ਤੋਂ ਭੱਜਦੇ ਚੋਰ ਨੂੰ ਮਾਲਕ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।