ਭਾਰਤ ਦੀ ਕੁਦਰਤੀ ਵਿਰਾਸਤ ਦੀ ਸੰਭਾਲ ਤੇ ਜੀਵ ਵਿਭਿੰਨਤਾ ਦੀ ਰੱਖਿਆ ਸਮੇਂ ਦੀ ਅਹਿਮ ਲੋੜ- ਰਾਜਪਾਲ ਕਟਾਰੀਆ
ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)- ਕੁਦਰਤ ਨਾਲ ਮਨੁੱਖ ਦਾ ਰਿਸ਼ਤਾ ਸਿਰਫ਼ ਜੀਵਨ ਨਾਲ ਹੀ ਨਹੀਂ, ਸਗੋਂ ਦੇਸ਼ ਦੀ ਸੱਭਿਆਚਾਰਕ ਤੇ ਅਧਿਆਤਮਕ ਵਿਰਾਸਤ ਨਾਲ ਵੀ ਡੂੰਘਾਈ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਤੇ ਯੂ.
ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)- ਕੁਦਰਤ ਨਾਲ ਮਨੁੱਖ ਦਾ ਰਿਸ਼ਤਾ ਸਿਰਫ਼ ਜੀਵਨ ਨਾਲ ਹੀ ਨਹੀਂ, ਸਗੋਂ ਦੇਸ਼ ਦੀ ਸੱਭਿਆਚਾਰਕ ਤੇ ਅਧਿਆਤਮਕ ਵਿਰਾਸਤ ਨਾਲ ਵੀ ਡੂੰਘਾਈ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਸੰਕਲਿਤ ਕੌਫੀ-ਟੇਬਲ ਪਿਕਟੋਰੀਅਲ ਪ੍ਰਕਾਸ਼ਨ ‘ਦਿ ਪ੍ਰਾਈਡ ਆਫ਼ ਪੀਕਾਕ- ਗਲੋਰੀ ਆਫ਼ ਇੰਡੀਆ’ ਰਿਲੀਜ਼ ਕਰਨ ਮੌਕੇ ਪ੍ਰਗਟ ਕੀਤੇ। ਰਾਜਪਾਲ ਕਟਾਰੀਆ ਨੇ ਕਿਹਾ ਕਿ ਭਾਰਤ ਦੀ ਕੁਦਰਤੀ ਵਿਰਾਸਤ ਦੀ ਸੰਭਾਲ ਅਤੇ ਜੀਵ ਵਿਭਿੰਨਤਾ ਦੀ ਰੱਖਿਆ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਅਨੀਤਾ ਕਟਾਰੀਆ ਵੀ ਹਾਜ਼ਰ ਸਨ। ‘ ਸਾਵਣ : ਸਿੰਫਨੀ ਆਫ਼ ਦਿ ਮਾਨਸੂਨਜ਼’ ਵਿਸ਼ੇ ’ਤੇ ਆਧਾਰਿਤ ਇਹ ਵਿਸ਼ੇਸ਼ ਪ੍ਰਕਾਸ਼ਨ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ, ਜੀਵ ਵਿਭਿੰਨਤਾ ਦੀ ਸੰਭਾਲ ਅਤੇ ਭਾਰਤ ਦੀ ਕੁਦਰਤੀ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਰਾਜਪਾਲ ਕਟਾਰੀਆ ਨੇ ਪ੍ਰਕਾਸ਼ਨ ਨੂੰ ਕਲਾ, ਕੁਦਰਤ ਅਤੇ ਵਾਤਾਵਰਨ ਸੰਭਾਲ ਦਾ ਵਿਲੱਖਣ ਸੁਮੇਲ ਦੱਸਦਿਆਂ ਕਿਹਾ ਕਿ ਇਹ ਭਾਰਤ ਦੇ ਰਾਸ਼ਟਰੀ ਪੰਛੀ ਮੋਰ ਨੂੰ ਇੱਕ ਪ੍ਰੇਰਨਾਦਾਇਕ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਾਸ਼ਨ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜੰਗਲੀ ਜੀਵਾਂ ਅਤੇ ਵਾਤਾਵਰਨ ਦੀ ਰੱਖਿਆ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਪਵਿੱਤਰ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਦਾ ਸਤਿਕਾਰ ਕਰਨਾ ਅਤੇ ਇਨ੍ਹਾਂ ਦੀ ਸੰਭਾਲ ਕਰਨਾ ਹਰੇਕ ਮਨੁੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੋਰ ਦਾ ਭਾਰਤ ਦੀ ਸੱਭਿਆਚਾਰਕ ਤੇ ਅਧਿਆਤਮਕ ਵਿਰਾਸਤ ਵਿਚ ਵਿਸ਼ੇਸ਼ ਸਥਾਨ ਹੈ। ਰਾਜਪਾਲ ਨੇ ਲੋਕਾਂ ਨੂੰ ਜੰਗਲਾਂ, ਜਲਗਾਹਾਂ ਤੇ ਕੁਦਰਤੀ ਆਵਾਸਾਂ ਦੀ ਰੱਖਿਆ ਕਰਕੇ ਜੈਵ ਵਿਭਿੰਨਤਾ ਨੂੰ ਬਚਾਉਣ ਅਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਹੋਈ ਤੇ ਸੱਭਿਆਚਾਰਕ ਮਾਮਲਿਆ ਂ ਦੇ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਮੋਰ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਇਸ ਮੌਕੇ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਚੰਡੀਗੜ੍ਹ ਪ੍ਰਸ਼ਾਸਨ ਦੇ ਸਕੱਤਰ ਸੈਰ-ਸਪਾਟਾ-ਕਮ-ਸੱਭਿਆਚਾਰ ਡਾ. ਸੱਯਦ ਆਬਿਦ ਰਸ਼ੀਦ ਸ਼ਾਹ, ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਨਵੀਨ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।