ਐੱਸ. ਏ. ਐੱਸ. ਨਗਰ, 8 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਵੀਜ਼ਾ ਪੈਲੇਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਵੀਜ਼ਾ ਪੈਲੇਸ ਫਰਮ (ਐੱਸ. ਸੀ. ਐੱਫ. ਨੰ. 20 ਪਹਿਲੀ ਮੰਜ਼ਿਲ ਫੇਜ਼-3ਏ ਮੁਹਾਲੀ) ਦੇ ਮਾਲਕ ਅਮਰਜੀਤ ਸਿੰਘ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰੀ ਰਿਕਾਰਡ ਅਨੁਸਾਰ ਲਾਇਸੰਸਧਾਰਕ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਪਹਿਲਾਂ 17 ਜੁਲਾਈ 2025 ਨੂੰ ਲਾਇਸੰਸ ਮੁਅੱਤਲ ਕਰਕੇ ਲਾਇਸੰਸੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਉਸ ਵਲੋਂ ਕੋਈ ਜਵਾਬ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਲਾਇਸੰਸੀ ਅਤੇ ਫਰਮ ਖ਼ਿਲਾਫ਼ ਇੰਮੀਗ੍ਰੇਸ਼ਨ ਐਕਟ ਅਤੇ ਹੋਰ ਫ਼ੌਜਦਾਰੀ ਧਾਰਾਵਾਂ ਤਹਿਤ ਵੱਖ-ਵੱਖ ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਦਫ਼ਤਰ ਨੂੰ ਫਰਮ ਖ਼ਿਲਾਫ਼ ਕਈ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਪੜਤਾਲ ਲਈ ਉਪ ਮੰਡਲ ਮੈਜਿਸਟ੍ਰੇਟ ਮੁਹਾਲੀ ਨੂੰ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀਆਂ ਧਾਰਾਵਾਂ ਨੂੰ ਧਿਆਨ ‘ਚ ਰੱਖਦਿਆਂ ਸਮਰੱਥ ਅਥਾਰਟੀ ਵਲੋਂ ਲਾਇਸੰਸ ਦੀਆਂ ਸ਼ਰਤਾਂ ਦੀ ਉਲੰਘਣਾ ਦੇ ਆਧਾਰ ‘ਤੇ ਵੀਜ਼ਾ ਪੈਲੇਸ ਫਰਮ ਦਾ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ/ਨਿਯਮਾਂ ਅਨੁਸਾਰ ਭਵਿੱਖ ‘ਚ ਜੇਕਰ ਫਰਮ/ਲਾਇਸੰਸੀ ਖ਼ਿਲਾਫ਼ ਕੋਈ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਹਰ ਪੱਖੋਂ ਭਰਪਾਈ ਲਈ ਫਰਮ/ਲਾਇਸੰਸੀ ਹੀ ਜ਼ਿੰਮੇਵਾਰ ਹੋਵੇਗਾ।